
ਭੂਪੇਸ਼ ਬਘੇਲ ਦੀ ਥਾਂ ਸਚਿਨ ਪਾਇਲਟ ਨੂੰ ਮਿਲੀ ਹੈ ਪੰਜਾਬ ਦੀ ਜ਼ਿੰਮੇਵਾਰੀ
ਪਠਾਨਕੋਟ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਮਾਮਲਿਆਂ ਦੇ ਨਵੇਂ ਬਣਾਏ ਗਏ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪਿ੍ਰਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕਰਕੇ ਸੂਬੇ ਵਿਚ ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ। ਸਚਿਨ ਪਾਇਲਟ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਸੀਨੀਅਰ ਆਗੂਆਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਮਿਲ-ਜੁਲ ਕੇ ਕੰਮ ਕਰਨਗੇ। ਸਚਿਨ ਪਾਇਲਟ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਸੂਬੇ ਦੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਗੱਲਬਾਤ ਕੀਤੀ ਹੈ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ ਹੈ। ਪਾਇਲਟ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿਚ ਠੋਸ ਰਣਨੀਤੀ ਦੇ ਤਹਿਤ ਅੱਗੇ ਵਧੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭੂਪੇਸ਼ ਬਘੇਲ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸਨ ਅਤੇ ਹੁਣ ਕਾਂਗਰਸ ਹਾਈਕਮਾਨ ਨੇ ਇਹ ਅਹੁਦਾ ਸਚਿਨ ਪਾਇਲਟ ਨੂੰ ਦਿੱਤਾ ਹੈ। ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਮੌਜੂਦਾ ਪ੍ਰਧਾਨ ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਵਿਚਾਲੇ ਵੀ ਖਿੱਚੋਤਾਣ ਚੱਲ ਰਹੀ ਹੈ।

