
ਕਿਹਾ : ਅਦਾਲਤ ਨਾਲ ਖੇਡ ਖੇਡਣਾ ਬੰਦ ਕਰੋ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਵੀਰਵਾਰ ਨੂੰ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ ਡੀ.ਏ. ਦੇ ਮਾਮਲੇ ਵਿਚ ਨਿਰਦੇਸ਼ ਦੀ ਪਾਲਣਾ ਨਾ ਕਰਨ ’ਤੇ ਭਗਵੰਤ ਮਾਨ ਸਰਕਾਰ ਨੂੰ ਫਿਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਹੈ ਕਿ ਸਰਕਾਰ ਨੂੰ ਫੈਸਲੇ ਨੂੰ ਚੁਣੌਤੀ ਦੇਣ ਦਾ ਪੂਰਾ ਅਧਿਕਾਰ ਹੈ, ਪਰ ਅਪੀਲ ਦਾਇਰ ਕਰਨ ਦੇ ਨਾਮ ’ਤੇ ਪਹਿਲਾਂ ਤੋਂ ਜਾਰੀ ਨਿਰਦੇਸ਼ ਦਾ ਪਾਲਣ ਕਰਨਾ ਬੰਦ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਸਾਰੀਆਂ ਰਣਨੀਤੀਆਂ ਨੂੰ ਅਸੀਂ ਵੀ ਸਮਝਦੇ ਹਾਂ। ਹਾਈਕੋਰਟ ਨੇ ਸਰਕਾਰ ਨੂੰ ਕਿਹਾ ਕਿ ਉਹ ਕਾਨੂੰਨੀ ਪ੍ਰਕਿਰਿਆ ਦੇ ਨਾਲ ਖੇਡ ਖੇਡਣਾ ਬੰਦ ਕਰੇ ਅਤੇ ਆਪਣੀ ਅਪੀਲ ਨੂੰ ਅੱਗੇ ਵਧਾਏ। ਸੁਣਵਾਈ ਦੇ ਦੌਰਾਨ ਦੱਸਿਆ ਗਿਆ ਕਿ ਇਸ ਮਾਮਲੇ ਵਿਚ 95 ਸਾਲ ਤੱਕ ਦੀ ਉਮਰ ਦੇ ਬਜ਼ੁਰਗ ਵੀ ਸ਼ਾਮਲ ਹਨ। ਇਸਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਸੁਪਰੀਮ ਕੋਰਟ ਵਿਚ ਦਾਇਰ ਅਪੀਲ ਦੀਆਂ ਖਾਮੀਆਂ ਦੂਰ ਕੀਤੀਆਂ ਜਾ ਰਹੀਆਂ ਹਨ। ਇਸ ’ਤੇ ਹਾਈਕੋਰਟ ਨੇ ਅਪੀਲ ਦੀ ਪ੍ਰਕਿਰਿਆ ਜਲਦ ਪੂਰੀ ਕਰਨ ਅਤੇ ਸੁਣਵਾਈ ਕਰਵਾਉਣ ’ਤੇ ਜ਼ੋਰ ਦਿੱਤਾ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 10 ਦਿਨਾਂ ਦਾ ਸਮਾਂ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਦਾਇਰ ਅਪੀਲ ’ਤੇ ਸੁਣਵਾਈ ਕਰਵਾਉਣ ਦਾ ਨਿਰਦੇਸ਼ ਵੀ ਦਿੱਤਾ ਹੈ।

