
ਅਕਾਲੀ ਦਲ ਦੀ ਸਰਕਾਰ ਬਣਨ ’ਤੇ ਲੜਕੀਆਂ ਦੇ ਵਿਆਹ ਲਈ ਇਕ-ਇਕ ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਮੁਹਾਲੀ/ਬਿਊਰੋ ਨਿਊਜ਼
ਮੁਹਾਲੀ ਦੇ ਖਰੜ ਵਿਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਆਯੋਜਿਤ ‘ਪੰਜਾਬ ਬਚਾਓ ਮਿਸ਼ਨ ਰੈਲੀ’ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਾਨੂੰਨ-ਵਿਵਸਥਾ, ਨਸ਼ੇ, ਵਧਦੇ ਕਰਜ਼ੇ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਸਵਾਲ ਚੁੱਕੇ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਮੌਜੂਦਾ ਹਾਲਾਤ ਵਿਚੋਂ ਸਿਰਫ ਸ਼ੋ੍ਰਮਣੀ ਅਕਾਲੀ ਦਲ ਹੀ ਬਾਹਰ ਕੱਢ ਸਕਦਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਈ ਵੱਡੇ ਐਲਾਨ ਵੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਵਿਚ ਆਟਾ-ਦਾਲ ਸਕੀਮ ਨੂੰ ਦੁਬਾਰਾ ਫਿਰ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸੂਬੇ ਦੀਆਂ ਲੜਕੀਆਂ ਦੇ ਵਿਆਹ ’ਤੇ ਇਕ-ਇਕ ਲੱਖ ਰੁਪਏ ਦੀ ਸਹਾਇਤਾ ਕੀਤੀ ਜਾਵੇਗੀ। ਇਸੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਹੋਰ ਵੀ ਕਈ ਐਲਾਨ ਕੀਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਚ 2027 ਦੇ ਸ਼ੁਰੂਆਤੀ ਮਹੀਨਿਆਂ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਤਰ੍ਹਾਂ-ਤਰ੍ਹਾਂ ਦੇ ਚੋਣ ਵਾਅਦੇ ਕੀਤੇ ਜਾ ਰਹੇ ਹਨ।

