
ਪੰਜਾਬ ਸਰਕਾਰ ਨੇ ਸਰਕਾਰੀ ਦਫਤਰਾਂ ’ਚ ਕੀਤੀ ਅੱਧੇ ਦਿਨ ਦੀ ਛੁੱਟੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਭਗਤ ਚੁੰਨੀ ਲਾਲ ਦਾ 94 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਪਿਛਲੇ ਕਾਫੀ ਸਮੇਂ ਤੋਂ ਭਗਤ ਚੁੰਨੀ ਨਾਲ ਸਿਹਤ ਨਾਲ ਸਬੰਧਤ ਮੁਸ਼ਕਲਾਂ ਨਾਲ ਜੂਝ ਰਹੇ ਸਨ ਅਤੇ ਉਨ੍ਹਾਂ ਦੀ ਇਲਾਜ ਦੌਰਾਨ ਹਸਪਤਾਲ ਵਿਚ ਮੌਤ ਹੋ ਗਈ। ਭਾਜਪਾ ਦੇ ਦਿੱਗਜ਼ ਆਗੂ ਭਗਤ ਚੁੰਨੀ ਲਾਲ 2012 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਕਈ ਅਹਿਮ ਵਿਭਾਗਾਂ ਦੇ ਮੰਤਰੀ ਰਹੇ ਹਨ। ਉਹ ਤਿੰਨ ਵਾਰ ਵਿਧਾਇਕ ਚੁਣੇ ਗਏ ਅਤੇ ਉਹ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਇਸੇ ਦੌਰਾਨ ਪੰਜਾਬ ਸਰਕਾਰ ਨੇ ਅੱਜ 10 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਅੱਧੇ ਦਿਨ ਦੀ ਛੁੱਟੀ ਕਰ ਦਿੱਤੀ। ਜ਼ਿਕਰਯੋਗ ਹੈ ਕਿ ਭਗਤ ਚੁੰਨੀ ਲਾਲ ਦੇ ਪੁੱਤਰ ਮੋਹਿੰਦਰ ਭਗਤ ਇਸ ਸਮੇਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਿਚ ਕੈਬਨਿਟ ਮੰਤਰੀ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਕੈਬਨਿਟ ਨੇ ਭਗਤ ਚੁੰਨੀ ਲਾਲ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ।

