
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਅਣ-ਐਲਾਨੇ ਅਤੇ ਲੰਬੇ ਬਿਜਲੀ ਕੱਟਾਂ ਕਾਰਨ ਉਦਯੋਗਪਤੀਆਂ ਅਤੇ ਕਿਸਾਨਾਂ ਵਲੋਂ ਖੋਲ੍ਹੇ ਗਏ ਮੋਰਚੇ ਤੋਂ ਬਾਅਦ ਪੰਜਾਬ ਸਰਕਾਰ ਨੇ ਇਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਪ੍ਰਸ਼ਾਸਨਿਕ ਸਕੱਤਰ ਅਤੇ ਸੀ.ਐਮ.ਡੀ. ਡਾ. ਬਸੰਤ ਗਰਗ ਨੂੰ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਜਗ੍ਹਾ ਪਿ੍ਰੰਸੀਪਲ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੂੰ ਨਵਾਂ ਮੁਖੀ ਤੈਨਾਤ ਕੀਤਾ ਹੈ। ਗੁਰਕੀਰਤ ਕਿਰਪਾਲ ਸਿੰਘ ਕੋਲ ਪਹਿਲਾਂ ਤੋਂ ਮੌਜੂਦ ਉਦਯੋਗ ਵਿਭਾਗ ਦੇ ਸਾਰੇ ਚਾਰਜ ਹੁਣ ਡਾ. ਬਸੰਤ ਗਰਗ ਨੂੰ ਸੌਂਪ ਦਿੱਤੇ ਗਏ ਹਨ। ਹਾਲਾਂਕਿ ਗੁਰਕੀਰਤ ਕਿਰਪਾਲ ਸਿੰਘ ਨੂੰ ਵੱਖ-ਵੱਖ ਵਿਭਾਗਾਂ ਦੇ ਚੰਗੇ ਪ੍ਰਬੰਧਨ ਲਈ ਜਾਣਿਆ ਜਾਂਦਾ ਹੈ, ਪਰ ਸੂਬੇ ਦੇ ਥਰਮਲ ਪਲਾਂਟਾਂ ਵਿਚ ਕੋਲੇ ਦੀ ਭਾਰੀ ਘਾਟ ਨੂੰ ਦੇਖਦਿਆਂ ਬਿਜਲੀ ਵਿਭਾਗ ਨੂੰ ਮੁੜ ਲੀਹ ’ਤੇ ਲਿਆਉਣਾ ਉਨ੍ਹਾਂ ਲਈ ਇਕ ਵੱਡੀ ਚੁਣੌਤੀ ਹੋਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਬਿਜਲੀ ਦੀ ਮੰਗ ਵਿਚ 3500 ਮੈਗਾਵਾਟ ਦਾ ਵਾਧਾ ਹੋਇਆ ਹੈ, ਜੋ 16000 ਮੈਗਾਵਾਟ ਤੱਕ ਪਹੁੰਚ ਗਈ ਹੈ। ਇਸੇ ਦੌਰਾਨ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੁਧਿਆਣਾ ਵਿਖੇ ਐਲਾਨ ਕੀਤਾ ਹੈ ਕਿ ਭਲਕੇ ਮੰਗਲਵਾਰ ਤੋਂ ਪੰਜਾਬ ਵਿਚ ਕੋਈ ਵੀ ਬਿਜਲੀ ਕੱਟ ਨਹੀਂ ਲੱਗੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਨੂੰ ਰੋਜ਼ਾਨਾ 10 ਘੰਟੇ ਬਿਜਲੀ ਸਪਲਾਈ ਮਿਲੇਗੀ ਅਤੇ ਨਿੱਜੀ ਥਰਮਲ ਪਲਾਂਟਾਂ ਸਣੇ ਸਾਰੇ ਪਲਾਂਟ ਚਾਲੂ ਹੋਣ ਨਾਲ ਉਦਯੋਗਾਂ ਨੂੰ ਵੀ ਬਿਜਲੀ ਸੰਕਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

