
ਭਾਜਪਾ ਪ੍ਰਧਾਨ ਨਿਤਿਨ ਨਬੀਨ ਇਸ ਯਾਤਰਾ ਦੀ ਕਰਨਗੇ ਸ਼ੁਰੂਆਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਭਾਜਪਾ ਵਲੋਂ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ। ਇਸਦੀ ਸ਼ੁਰੂਆਤ ਭਲਕੇ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਪਠਾਨਕੋਟ ਤੋਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਚੰਡੀਗੜ੍ਹ ’ਚ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ ਹੈ। ਇਸ ਮੌਕੇ ਪੰਜਾਬ ਭਾਜਪਾ ਨੇ ਸੂਬਾ ਭਰ ਵਿਚ ਨਸ਼ਿਆਂ ਦੀ ਓਡਰਡੋਜ਼ ਕਰਕੇ ਜਾਨਾਂ ਗੁਆਉਣ ਵਾਲੇ ਨੌਜਵਾਨਾਂ ਦੇ ਪੀੜਤ ਪਰਿਵਾਰਾਂ ਨੂੰ ਨਾਲ ਲੈ ਕੇ ਪੰਜਾਬ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਿੰਘ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਨੂੰ ਲੈ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਜਦੋਂ ਕਿ ਪੰਜਾਬ ਵਿਚ ਰੋਜ਼ਾਨਾ ਨਸ਼ਿਆਂ ਦੀ ਓਵਰਡੋਜ਼ ਕਰਕੇ ਨੌਜਵਾਨ ਆਪਣੀਆਂ ਜਾਨਾਂ ਗੁਆ ਰਹੇ ਹਨ। ਇਸ ਮੌਕੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਸੱਤਾ ਵਿਚ ਆਉਂਦਿਆਂ ਹੀ ਨਸ਼ਿਆਂ ’ਤੇ ਲਗਾਮ ਲਾਈ ਜਾਵੇਗੀ। ਭਾਜਪਾ ਆਗੂਆਂ ਨੇ ਨਸ਼ਿਆਂ ਦੇ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਵੀ ਕੀਤੀ ਹੈ। ਧਿਆਨ ਰਹੇ ਕਿ ਪੰਜਾਬ ’ਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ।

