
ਸ਼ਹੀਦ ਹਰਜੀਤ ਸਿੰਘ ਦੇ ਪਰਿਵਾਰ ਲਈ ਆਰਥਿਕ ਮੱਦਦ ਦਾ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਸਹਾਇਕ ਥਾਣੇਦਾਰ ਹਰਜੀਤ ਸਿੰਘ ਦੀ ਮੌਤ ’ਤੇ ਦੁੱਖ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰਮਿ੍ਰਤਸਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਸਹਾਇਕ ਥਾਣੇਦਾਰ ਹਰਜੀਤ ਸਿੰਘ ਦੀ ਬਹਾਦਰੀ ਨੂੰ ਦਿਲੋਂ ਸਲਾਮ। ਉਨ੍ਹਾਂ ਦੀ ਅਥਾਹ ਹਿੰਮਤ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿਚ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ। ਸੀਐਮ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 1 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਅਤੇ ਐਚ.ਡੀ.ਐਫ.ਸੀ. ਬੈਂਕ ਵਲੋਂ 1 ਕਰੋੜ ਰੁਪਏ ਦਾ ਵਾਧੂ ਬੀਮਾ ਪੀੜਤ ਪਰਿਵਾਰ ਨੂੰ ਦਿੱਤਾ ਜਾਵੇਗਾ। ਉੁਨ੍ਹਾਂ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਹਰ ਸੰਭਵ ਮੱਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਜ਼ਿਕਰਯੋਗ ਹੈ ਕਿ ਅੰਮਿ੍ਰਤਸਰ ਵਿਚ ਰਾਤ ਸਮੇਂ ਪੈਟਰੋਲਿੰਗ ਕਰ ਰਹੇ ਪੁਲਿਸ ਮੁਲਾਜ਼ਮ ਹਰਜੀਤ ਸਿੰਘ ਦੀ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸੇ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਏ.ਐਸ.ਆਈ. ਹਰਜੀਤ ਸਿੰਘ ਦੀ ਸ਼ਹਾਦਤ ਨੂੰ ਸਲਾਮ ਕੀਤਾ ਹੈ। ਡੀਜੀਪੀ ਨੇ ਦੱਸਿਆ ਕਿ ਅੰਮਿ੍ਰਤਸਰ ਜ਼ਿਲ੍ਹੇ ਦੇ ਸਾਡੇ ਬਹਾਦਰ ਪੁਲਿਸ ਅਧਿਕਾਰੀ ਏਐਸਆਈ ਹਰਜੀਤ ਸਿੰਘ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ ਹੈ। ਇਸਦੇ ਚੱਲਦਿਆਂ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਬਹੁਤ ਜ਼ਿਆਦਾ ਖਰਾਬ ਹੋ ਚੁੱਕੀ ਹੈ। ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਵੀ ਕੀਤੀ ਹੈ।

