
ਕਿਹਾ : ਪੰਜਾਬ ’ਚ ਭਾਜਪਾ ਦੀ ਸਰਕਾਰ ਆਉਣ ’ਤੇ ਛੇ ਮਹੀਨਿਆਂ ’ਚ ਕਰਾਂਗੇ ਨਸ਼ੇ ਖਤਮ
ਤਲਵੰਡੀ ਸਾਬੋ/ਬਿਊਰੋ ਨਿਊਜ਼
ਭਾਰਤ ਦੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਪੰਜਾਬ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿਚ ਸ਼ਮੂਲੀਅਤ ਕੀਤੀ ਅਤੇ ਤਲਵੰਡੀ ਸਾਬੋ ਵਿਚ ਇਸ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਚੌਹਾਨ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ਦੇ ਛੇ ਮਹੀਨਿਆਂ ਦੇ ਅੰਦਰ-ਅੰਦਰ ਸੂਬੇ ਵਿਚੋਂ ਨਸ਼ਿਆਂ ਨੂੰ ਖਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਇਹ ਸਿੱਧਾ ਸੁਨੇਹਾ ਲੈ ਕੇ ਪੰਜਾਬ ਪਹੁੰਚੇ ਹਨ। ਅੱਜ ਇਸ ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਅਤੇ ਹੋਰ ਭਾਜਪਾ ਆਗੂਆਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਦੀ ਇਕ ਰੈਲੀ ਨੂੰ ਵੀ ਸੰਬੋਧਨ ਕੀਤਾ। ਇਸ ਰੈਲੀ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਬਾਦਲ, ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ਸਣੇ ਹੋਰ ਸੀਨੀਅਰ ਲੀਡਰਸ਼ਿਪ ਨੇ ਸੰਬੋਧਨ ਕੀਤਾ। ਇਸ ਮੌਕੇ ਭਾਜਪਾ ਦੇ ਆਗੂਆਂ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ।

