
ਮੁੱਖ ਮੰਤਰੀ ਭਗਵੰਤ ਮਾਨ ਨੇ ਬ੍ਰਹਮਪੁਰਾ ਦਾ ਪਾਰਟੀ ’ਚ ਕੀਤਾ ਸਵਾਗਤ
ਤਰਨਤਾਰਨ/ਬਿਊਰੋ ਨਿਊਜ਼
ਪੰਜਾਬ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਅਕਾਲੀ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅੱਜ ਮੰਗਲਵਾਰ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬ੍ਰਹਮਪੁਰਾ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ ਅਕਾਲੀ ਦਲ ਹੁਣ ਪੰਥਕ ਨਹੀਂ, ਸਗੋਂ ਇੱਕ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਿਆ ਹੈ, ਜਿਸ ਵਿੱਚ ਹੁਣ ਕੋਈ ਵੀ ਟਕਸਾਲੀ ਪਰਿਵਾਰ ਨਹੀਂ ਰਿਹਾ। ਜ਼ਿਕਰਯੋਗ ਹੈ ਕਿ ਸਾਲ 2016 ਵਿੱਚ ਖਡੂਰ ਸਾਹਿਬ ਦੀ ਉਪ-ਚੋਣ ਵਿੱਚ ਕਰੀਬ 65 ਹਜ਼ਾਰ ਵੋਟਾਂ ਨਾਲ ਜਿੱਤਣ ਵਾਲੇ ਰਵਿੰਦਰ ਸਿੰਘ ਬ੍ਰਹਮਪੁਰਾ ਕਾਫੀ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਖਿਲਾਫ ਮੋਰਚਾ ਖੋਲ੍ਹੀ ਬੈਠੇ ਸਨ। ਮਾਝਾ ਖੇਤਰ ਵਿੱਚ ਬ੍ਰਹਮਪੁਰਾ ਪਰਿਵਾਰ ਦਾ ਚੰਗਾ ਜਨ-ਆਧਾਰ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਲੰਘੀ 15 ਸਤੰਬਰ ਨੂੰ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਸੀ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੁੰਦਿਆਂ ਹੀ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਧਾਰਮਿਕ ਬੇਅਦਬੀ ਦੇ ਮਾਮਲੇ ਵਿੱਚ ਭਗਵੰਤ ਮਾਨ ਦੀ ਸਰਕਾਰ ਨੇ ਕਾਨੂੰਨ ਵਿੱਚ ਸੋਧ ਕਰਕੇ ਸਿੱਖ ਕੌਮ ਦੇ ਦਿਲ ਜਿੱਤੇ ਹਨ।

