
ਦੋਵਾਂ ਸਾਬਕਾ ਅਧਿਕਾਰੀਆਂ ਨੇ ਸਿਆਸੀ ਪਾਰੀ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ/ਬਿਊਰੋ ਨਿਊਜ਼
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਲ ਹੋ ਗਏ ਹਨ। ਨਿਰੰਜਨ ਸਿੰਘ ਦੀ ਇਸ ਪਾਰਟੀ ਵਿਚ ਸ਼ਮੂਲੀਅਤ ਸਬੰਧੀ ਪਿਛਲੇ ਦਿਨ ਹੀ ਗੱਲਬਾਤ ਹੋ ਗਈ ਸੀ। ਅੱਜ ਬੁੱਧਵਾਰ ਨੂੰ ਉਨ੍ਹਾਂ ਵਲੋਂ ਚੰਡੀਗੜ੍ਹ ਵਿਖੇ ਰਸਮੀ ਤੌਰ ਉਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਅਤੇ ਤਰਸੇਮ ਸਿੰਘ ਨੇ ਜਲੰਧਰ ਵਿਖੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਦੀ ਰਿਹਾਇਸ਼ ’ਤੇ ਗੁਪਤ ਮੀਟਿੰਗ ਕੀਤੀ ਸੀ। ਜ਼ਿਕਰਯੋਗ ਹੈ ਕਿ ਈਡੀ ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਉਸ ਸਮੇਂ ਚਰਚਾ ਵਿਚ ਆਏ ਸਨ, ਜਦੋਂ ਉਨ੍ਹਾਂ ਨੇ ਭੋਲਾ ਡਰੱਗ ਕੇਸ ਵਿਚ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕੀਤੀ ਸੀ। ਉਸ ਵੇਲੇ ਉਨ੍ਹਾਂ ਦੋ ਸਾਬਕਾ ਅਕਾਲੀ ਮੰਤਰੀਆਂ ਕੋਲੋਂ ਪੁੱਛਗਿੱਛ ਕੀਤੀ ਸੀ। ਇਸਦੇ ਚੱਲਦਿਆਂ ਕੇਂਦਰ ਸਰਕਾਰ ਨੇ ਉਨ੍ਹਾਂ ਦਾ 2015 ਵਿਚ ਤਬਾਦਲਾ ਕੋਲਕਾਤਾ ’ਚ ਕਰ ਦਿੱਤਾ ਸੀ, ਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ’ਤੇ ਰੋਕ ਲਗਾ ਦਿੱਤੀ ਸੀ। ਮਈ 2021 ਵਿਚ ਨਿਰੰਜਨ ਸਿੰਘ ਜਲੰਧਰ ਤੋਂ ਆਪਣੇ ਅਹੁਦੇ ਤੋਂ ਸੇਵਾਮੁਕਤ ਹੋ ਚੁੱਕੇ ਹਨ।

