
ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਉਠਣ ਲੱਗੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅੰਦਰੂਨੀ ਖਿੱਚੋਤਾਣ ਅਤੇ ਮਤਭੇਦਾਂ ਦੇ ਇਕ ਵੱਡੇ ਵਿਵਾਦ ’ਚ ਘਿਰ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਸਮੁੱਚੀ ਵਿਰੋਧੀ ਧਿਰ ਨੇ ਦਾਅਵਾ ਕੀਤਾ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਕਾਰਜਕਾਲ ਦੌਰਾਨ ਚੋਣ ਕਮਿਸ਼ਨ ਦੀ ਸਾਖ ਅਤੇ ਨਿਰਪੱਖਤਾ ਨੂੰ ਗੰਭੀਰ ਠੇਸ ਪੁੱਜੀ ਹੈ। ਸਿਆਸੀ ਵਿਰੋਧੀ ਨੇਤਾਵਾਂ ਨੇ ਇਲਜ਼ਾਮ ਲਗਾਇਆ ਕਿ ਮੁੱਖ ਚੋਣ ਕਮਿਸ਼ਨਰ ਨੇ ਪੈਨਲ ਨੂੰ ‘ਇਕ ਵਿਅਕਤੀ ਦੀ ਤਾਨਾਸ਼ਾਹੀ’ ਵਿਚ ਬਦਲ ਦਿੱਤਾ ਹੈ ਅਤੇ ਕਈ ਪਾਰਟੀਆਂ ਨੇ ਉਨ੍ਹਾਂ ਵਿਰੁੱਧ ਮਹਾਂਦੋਸ਼ ਚਲਾ ਕੇ ਤੁਰੰਤ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਇਹ ਵਿਵਾਦ ਇਕ ਮੀਡੀਆ ਰਿਪੋਰਟ ਤੋਂ ਬਾਅਦ ਸਾਹਮਣੇ ਆਇਆ ਹੈ। ਇਸ ਵਿਚ ਖੁਲਾਸਾ ਕੀਤਾ ਗਿਆ ਹੈ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਪ੍ਰਕਿਰਿਆ ਦੌਰਾਨ ਤਿੰਨ-ਮੈਂਬਰੀ ਚੋਣ ਕਮਿਸ਼ਨ ਦੇ ਬਾਕੀ ਦੋ ਮੈਂਬਰਾਂ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਪਿਛਲੇ 10 ਮਹੀਨਿਆਂ ਵਿਚ 14 ਵਾਰ ਅਧਿਕਾਰਤ ਤੌਰ ’ਤੇ ਆਪਣੇ ਇਤਰਾਜ਼ ਦਰਜ ਕਰਵਾਏ ਹਨ। ਰਿਪੋਰਟ ਅਨੁਸਾਰ ਇਹ ਇਤਰਾਜ਼ ਉਨ੍ਹਾਂ ਫੈਸਲਿਆਂ ਅਤੇ ਹੁਕਮਾਂ ’ਤੇ ਪ੍ਰਗਟਾਏ ਗਏ ਸਨ, ਜੋ ਬਾਕੀ ਦੋ ਕਮਿਸ਼ਨਰਾਂ ਦੀ ਜਾਣਕਾਰੀ ਤੋਂ ਬਿਨਾ ਲਏ ਗਏ ਸਨ। ਇਥੋਂ ਤੱਕ ਕਿ ਇਕੋ ਦਿਨ ਵਿਚ ਚਾਰ ਵਾਰ ਇਤਰਾਜ਼ ਦਰਜ ਕਰਵਾਏ ਜਾਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਸ ਰਿਪੋਰਟ ਦਾ ਸਕਰੀਨ ਸ਼ਾਟ ਸੋਸ਼ਲ ਮੀਡੀਆ ’ਤੇ ਸਾਂਝਾ ਕਰਦਿਆਂ ਇਲਜ਼ਾਮ ਲਗਾਇਆ ਹੈ ਕਿ ਚੋਣ ਕਮਿਸ਼ਨ ਦੀ ਨਿਰਪੱਖਤਾ ਨੂੰ ਤਬਾਹ ਕਰ ਦਿੱਤਾ ਗਿਆ ਹੈ।

