
ਅੰਮਿ੍ਰਤਸਰ/ਬਿਊਰੋ ਨਿਊਜ਼ : ਅੱਜ ਸੋਮਵਾਰ ਨੂੰ ਅਮਰੀਕਾ ਦੇ ਸਫੀਰ ਸਰਜੀਓ ਗੋਰ ਦੀ ਅਗਵਾਈ ਵਾਲੇ 28 ਮੈਂਬਰੀ ਵਫਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਹੈ। ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਰਜੀਓ ਗੋਰ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸਿੱਖ ਧਰਮ ਨਾਲ ਸਬੰਧਤ ਧਾਰਮਿਕ ਪੁਸਤਕਾਂ ਭੇਟ ਕਰਕੇ ਸਨਮਾਨਿਤ ਕੀਤਾ। ਇਸੇ ਦੌਰਾਨ ਅਮਰੀਕੀ ਸਫੀਰ ਨਾਲ ਆਏ ਹੋਰ ਮੈਂਬਰਾਂ ਨੂੰ ਵੀ ਸ਼ੋ੍ਰਮਣੀ ਕਮੇਟੀ ਨੇ ਸਨਮਾਨਿਤ ਕੀਤਾ। ਅਮਰੀਕੀ ਸਫੀਰ ਸਰਜੀਓ ਗੋਰ ਆਪਣੇ ਅਧਿਕਾਰਤ ਦੌਰੇ ਤਹਿਤ ਭਾਰਤ ਦੇ ਵੱਖ-ਵੱਖ ਹਿੱਸਿਆਂ ਦੀ ਯਾਤਰਾ ਕਰ ਰਹੇ ਹਨ, ਜਿਸ ਤਹਿਤ ਉਹ ਹਾਲ ਹੀ ਵਿਚ ਸ੍ਰੀਨਗਰ ਅਤੇ ਲੇਹ ਦਾ ਦੌਰਾ ਵੀ ਕਰ ਚੁੱਕੇ ਹਨ। ਉਧਰ ਦੂਜੇ ਪਾਸੇ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਆਗੂਆਂ ਅਤੇ ਵਰਕਰਾਂ ਵਲੋਂ ਇਮਾਨ ਸਿੰਘ ਮਾਨ ਦੀ ਅਗਵਾਈ ’ਚ ਅਮਰੀਕੀ ਸਫੀਰ ਦਾ ਵਿਰੋਧ ਵੀ ਕੀਤਾ ਗਿਆ। ਇਸ ਮੌਕੇ ਇਮਾਨ ਸਿੰਘ ਮਾਨ ਦਾ ਕਹਿਣਾ ਸੀ ਕਿ ਦੋਵਾਂ ਦੇਸ਼ਾਂ ਵਿਚਾਲੇ ਵਧ ਰਹੇ ਤਣਾਅ ਕਾਰਨ ਪੰਜਾਬ, ਖਾਸ ਕਰਕੇ ਅੰਮਿ੍ਰਤਸਰ ਦੇ ਸਰਹੱਦੀ ਖੇਤਰ ਵੱਡੇ ਖਤਰੇ ਦਾ ਸਾਹਮਣਾ ਕਰ ਰਹੇ ਹਨ।

