
ਚੋਣ ਕਮਿਸ਼ਨਰਾਂ ਦੇ ਵਿਰੋਧ ਦੇ ਬਾਵਜੂਦ ਇੱਕਤਰਫਾ ਫੈਸਲੇ ਲੈਣ ਦੇ ਲੱਗੇ ਇਲਜ਼ਾਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਸੁਪਰੀਮ ਕੋਰਟ, ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਦੇ ਕੰਮਕਾਜ ਤੋਂ ਰੋਕਣ ਦੀ ਮੰਗ ਵਾਲੀ ਪਟੀਸ਼ਨ ’ਤੇ ਅਗਲੇ ਹਫਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਿਆ ਹੈ। ਭਾਰਤ ਦੇ ਮਾਨਯੋਗ ਮੁੱਖ ਜੱਜ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਸੀਨੀਅਰ ਵਕੀਲ ਵਿਕਾਸ ਸਿੰਘ ਵਲੋਂ ਰਾਕੇਸ਼ ਕੁਮਾਰ ਦੁਆਰਾ ਦਾਇਰ ਪਟੀਸ਼ਨ ਨੂੰ ਜਲਦ ਸੂਚੀਬੱਧ ਕਰਨ ਦੀ ਕੀਤੀ ਗਈ ਬੇਨਤੀ ਤੋਂ ਬਾਅਦ ਇਹ ਫੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਸੁਪਰੀਮ ਕੋਰਟ ਵਿਚ ਇਹ ਦੂਜੀ ਪਟੀਸ਼ਨ ਹੈ। ਇਸ ਤੋਂ ਪਹਿਲਾਂ ਵਕੀਲ ਸ਼ੈਲੇਂਦਰ ਮਣੀ ਤਿ੍ਰਪਾਠੀ ਵਲੋਂ ਵੀ ਐਸ.ਆਈ.ਆਰ. ਦੌਰਾਨ 13 ਕਰੋੜ ਵੋਟਰਾਂ ਦੇ ਨਾਂ ਵੋਟਰ ਸੂਚੀ ਵਿਚੋਂ ਹਟਾਏ ਜਾਣ ਦੇ ਮਾਮਲੇ ਵਿਚ ਗਿਆਨੇਸ਼ ਕੁਮਾਰ ਵਿਰੁੱਧ ਕਾਰਵਾਈ ਕਰਨ ਅਤੇ ਨਿਆਇਕ ਜਾਂਚ ਦੀ ਮੰਗ ਕੀਤੀ ਗਈ ਸੀ। ਇਹ ਵੀ ਦੱਸਣਯੋਗ ਹੈ ਕਿ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਵੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਕੰਮਕਾਜ ਨੂੰ ਲੈ ਕੇ ਲਿਖਤੀ ਇਤਰਾਜ਼ ਦਰਜ ਕਰਾ ਚੁੱਕੇ ਹਨ।

