
ਭਰਤੀ ਦੇ ਰਾਖਵੇਂਕਰਨ ’ਚ ਬੇਨਿਯਮੀਆਂ ਦਾ ਹੈ ਮਾਮਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਗਿਆ ਹੈ। ਇਹ ਮਾਮਲਾ ਭਾਸ਼ਾ ਵਿਭਾਗ ਦੀ ਭਰਤੀ ਵਿਚ ਹੋਈਆਂ ਕਥਿਤ ਬੇਨਿਯਮੀਆਂ ਨਾਲ ਸਬੰਧਤ ਹੈ, ਜਿਸਦਾ ਪਹਿਲਾਂ ਵੀ ਕਾਫੀ ਰੌਲਾ ਰੱਪਾ ਪੈ ਚੁੱਕਿਆ ਹੈ। ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਦੇ ਪ੍ਰਬੰਧਕੀ ਸਕੱਤਰ ਨੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਇਸ ਨੋਟਿਸ ਦੇ ਜਾਰੀ ਹੋਣ ਤੋਂ ਬਾਅਦ ਡਾਇਰੈਕਟਰ ਜਸਵੰਤ ਜ਼ਫਰ ਵੀ ਭੜਕ ਉਠੇ ਹਨ। ਜ਼ਿਕਰਯੋਗ ਹੈ ਕਿ ਭਾਸ਼ਾ ਵਿਭਾਗ ’ਚ 42 ਖੋਜ ਸਹਾਇਕਾਂ ਦੀ ਭਰਤੀ ਕਾਫੀ ਸਮੇਂ ਤੋਂ ਵਿਵਾਦਾਂ ਵਿਚ ਘਿਰੀ ਹੋਈ ਹੈ ਅਤੇ ਇਹ ਮਾਮਲਾ ਅਦਾਲਤ ਤੱਕ ਵੀ ਪੁੱਜਿਆ ਸੀ। ਪੰਜਾਬ ਸਰਕਾਰ ਕੋਲ ਪੁੱਜੀਆਂ ਸ਼ਿਕਾਇਤਾਂ ਵਿਚ ਇਹ ਉਂਗਲ ਉਠਾਈ ਗਈ ਸੀ ਕਿ ਭਰਤੀ ਮੁਹਿੰਮ ਦੌਰਾਨ ਯੋਗਤਾ ਦੇ ਮਾਪਦੰਡਾਂ ਵਿਚ ਬਦਲਾਅ ਅਤੇ ਰਾਖਵੇਂਕਰਨ ਦੇ ਨਿਯਮਾਂ ਦੀ ਉਲੰਘਣਾ ਹੋਈ ਹੈ। ਇਨ੍ਹਾਂ ਸ਼ਿਕਾਇਤਾਂ ਮਗਰੋਂ ਭਰਤੀ ਪ੍ਰਕਿਰਿਆ ਵੀ ਪ੍ਰਭਾਵਿਤ ਹੋ ਗਈ ਅਤੇ ਭਰਤੀ ਦਾ ਮਾਮਲਾ ਹਾਲੇ ਤੱਕ ਕਿਸੇ ਤਣ-ਪੱਤਣ ਨਹੀਂ ਲੱਗਿਆ ਹੈ। ਇਸੇ ਦੌਰਾਨ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫਰ ਨੇ ‘ਕਾਰਨ ਦੱਸੋ ਨੋਟਿਸ’ ਜਾਰੀ ਹੋਣ ਤੋਂ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਪ੍ਰਬੰਧਕੀ ਸਕੱਤਰ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਜ਼ਫਰ ਦਾ ਕਹਿਣਾ ਹੈ ਕਿ ਜਿਸ ਦਫਤਰੀ ਰਿਕਾਰਡ ਨਾਲ ਸਬੰਧਤ ਕਲੈਰੀਕਲ ਗਲਤੀ ਨੂੰ ਲੈ ਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ, ਉਹ ਉਨ੍ਹਾਂ ਦੀ ਨਿਯੁਕਤੀ ਤੋਂ ਪਹਿਲਾਂ ਦਾ ਮਾਮਲਾ ਹੈ।

