
ਕਿਹਾ : ਬਹਿਰੀਨ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੇ ਸਰਕਾਰ
ਅੰਮਿ੍ਰਤਸਰ/ਬਿਊਰੋ ਨਿਊਜ਼ : ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਕੇ ਸ਼ੋ੍ਰਮਣੀ ਕਮੇਟੀ ਨਾਲ ਜੁੜੇ ਹਾਲੀਆ ਵਿਵਾਦਾਂ, ਜਾਂਚ ਪ੍ਰਕਿਰਿਆ ਅਤੇ ਪੰਥਕ ਮਾਮਲਿਆਂ ਨੂੰ ਲੈ ਕੇ ਆਪਣਾ ਪੱਖ ਰੱਖਿਆ ਹੈ। ਐਡਵੋਕੇਟ ਧਾਮੀ ਨੇ ਸੰਸਥਾ ਦੇ ਖਿਲਾਫ ਹੋ ਰਹੇ ਕੂੜ ਪ੍ਰਚਾਰ ਨੂੰ ਲੈ ਕੇ ਚਿੰਤਾ ਜਤਾਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਹਿਰੀਨ ਤੋਂ ਆਈ ਬੀਬੀ ਵੱਲੋਂ ਲਾਏ ਗਏ ਦੋਸ਼ਾਂ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਦੱਸਿਆ ਕਿ ਜੇਕਰ ਸਰਕਾਰ ਨੇ ਤਿੰਨ ਦਿਨਾਂ ਵਿੱਚ ਇਹ ਮੰਗ ਨਾ ਮੰਨੀ, ਤਾਂ ਕਮੇਟੀ ਦਾ ਇੱਕ ਵਫ਼ਦ ਰਾਜਪਾਲ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖਤਾ ਲਈ ਸੀਬੀਆਈ ਜਾਂਚ ਜ਼ਰੂਰੀ ਹੈ, ਕਿਉਂਕਿ ਐਸਜੀਪੀਸੀ ਵੱਲੋਂ ਬਣਾਈ ਗਈ ਪੰਜ ਮੈਂਬਰੀ ਜਾਂਚ ਕਮੇਟੀ ’ਤੇ ਬੇਲੋੜੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸ਼੍ਰੋਮਣੀ ਕਮੇਟੀ ਦੀ ਜਾਂਚ ’ਤੇ ਸ਼ੱਕ ਹੈ, ਤਾਂ ਕੀ ਸਰਕਾਰ ਵੱਲੋਂ ਬਣਾਈ ਕਮੇਟੀ ਨਿਰਪੱਖ ਹੋਵੇਗੀ? ਉਨ੍ਹਾਂ ਸਪੱਸ਼ਟ ਕੀਤਾ ਕਿ ਐਸਜੀਪੀਸੀ ਦੀ ਆਪਣੀ ਜਾਂਚ ਕਮੇਟੀ ਵੀ ਕੰਮ ਜਾਰੀ ਰੱਖੇਗੀ ਅਤੇ ਰਿਪੋਰਟ ਜਨਤਕ ਕੀਤੀ ਜਾਵੇਗੀ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਵਲੋਂ ਸਿੱਖ ਗੁਰਦੁਆਰਾ ਐਕਟ ਵਿਚ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਦੀਆਂ ਕੋਸ਼ਿਸ਼ਾਂ ’ਤੇ ਸਖਤ ਇਤਰਾਜ਼ ਜਤਾਇਆ।

