
ਸੂਬੇ ’ਚ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਫਿਰ ਹੋ ਗਈ ਟੂੰ-ਟੂੰ
ਚੰਡੀਗੜ੍ਹ/ਬਿਊਰੋ ਨਿਊਜ਼ : ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਇਤਿਹਾਸਕ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਚ ਪੰਜਾਬ ਸਰਕਾਰ ਵਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪਹੁੰਚੇ। ਇਸ ਮੌਕੇ ਸੀਐਮ ਮਾਨ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸਨਮਾਨ ਰਾਸ਼ੀ ਦੀ ਦੂਜੀ ਕਿਸ਼ਤ ਜਾਰੀ ਕੀਤੀ। ਇਸ ਸਮਾਗਮ ’ਚ ਵੱਡੀ ਗਿਣਤੀ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮਾਨ ਨੇ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਉਦੇਸ਼ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੇ ਮਾਣ-ਸਨਮਾਨ ਨੂੰ ਹੋਰ ਮਜ਼ਬੂਤੀ ਦੇਣਾ ਹੈ। ਜ਼ਿਕਰਯੋਗ ਹੈ ਕਿ ਇਸ ਯੋਜਨਾ ਦੀ ਸ਼ੁਰੂਆਤ ਲੰਘੀ 1 ਜੁਲਾਈ 2026 ਨੂੰ ਕੀਤੀ ਗਈ ਸੀ। ਇਸ ਤਹਿਤ ਸੂਬੇ ਵਿਚ 18 ਸਾਲ ਤੋਂ ਵੱਧ ਉਮਰ ਦੀਆਂ ਆਮ ਵਰਗ ਦੀਆਂ ਯੋਗ ਮਹਿਲਾਵਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਦੇਣ ਦੀ ਵਿਵਸਥਾ ਹੈ। ਪਹਿਲੀ ਕਿਸ਼ਤ ਵਜੋਂ ਤਿੰਨ ਮਹੀਨਿਆਂ ਦੀ ਰਕਮ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਸਿੱਧੀ ਭੇਜੀ ਗਈ ਸੀ ਤੇ ਅੱਜ ਮੁੜ ਅਕਤੂਬਰ, ਨਵੰਬਰ ਅਤੇ ਦਸੰਬਰ ਮਹੀਨੇ ਦੀ ਰਾਸ਼ੀ ਭੇਜੀ ਗਈ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੀ ਮੌਜੂਦ ਰਹੀ।
ਮੁੱਖ ਮੰਤਰੀ ਭਗਵੰਤ ਮਾਨ ਨੂੰ ਜਪਾਨ ਜਾਣ ਦੀ ਨਹੀਂ ਮਿਲੀ ਆਗਿਆ
ਏਸ਼ੀਅਨ ਖੇਡਾਂ ਦਾ ਹਾਕੀ ਮੈਚ ਦੇਖਣ ਜਾਣਾ ਚਾਹੁੰਦੇ ਸੀ ਮਾਨ
ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਏਸ਼ੀਅਨ ਖੇਡਾਂ ਵਿਚ ਭਾਰਤੀ ਪੁਰਸ਼ ਹਾਕੀ ਟੀਮ ਦਾ ਮੈਚ ਦੇਖਣ ਦੇ ਲਈ ਜਪਾਨ ਜਾਣ ਦੀ ਭਾਰਤ ਸਰਕਾਰ ਵਲੋਂ ਮਨਜੂਰੀ ਨਹੀਂ ਦਿੱਤੀ ਗਈ। ਕੇਂਦਰ ਸਰਕਾਰ ਵਲੋਂ ਭਗਵੰਤ ਮਾਨ ਦੇ ਇਸ ਦੌਰੇ ਨੂੰ ਰੱਦ ਕਰਦੇ ਹੋਏ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰ ਸਰਕਾਰ ਵਲੋਂ ਸਪੱਸ਼ਟ ਕਿਹਾ ਗਿਆ ਹੈ ਕਿ ਅੰਤਰਰਾਸ਼ਟਰੀ ਖੇਡ ਆਯੋਜਨਾਂ ਦੇ ਦੌਰਾਨ ਕਿਸੇ ਵੀ ਵੀਆਈਪੀ ਵਿਅਕਤੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਇਕ ਵੱਡੀ ਚੁਣੌਤੀ ਹੈ। ਕੇਂਦਰ ਸਰਕਾਰ ਵਲੋਂ ਕਿਹਾ ਗਿਆ ਹੈ ਕਿ ਸੁਰੱਖਿਆ ਦੇ ਮਾਮਲੇ ਵਿਚ ਕੋਈ ਜੋਖਮ ਨਹੀਂ ਲਿਆ ਜਾ ਸਕਦਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਏਸ਼ੀਅਨ ਖੇਡਾਂ ਵਿਚ ਭਾਰਤੀ ਪੁਰਸ਼ ਹਾਕੀ ਟੀਮ ਦੇ ਮੈਚ ਦੇਖਣ ਲਈ ਜਪਾਨ ਜਾਣ ਦਾ ਸੱਦਾ ਮਿਲਿਆ ਸੀ। ਸੀਐਮ ਮਾਨ ਨੂੰ ਇਹ ਸੱਦਾ ਲੰਘੀ 21 ਸਤੰਬਰ ਨੂੰ ਏਸ਼ੀਅਨ ਹਾਕੀ ਫੈਡਰੇਸ਼ਨ ਵਲੋਂ ਮਿਲਿਆ ਸੀ।

