16.1 C
Toronto
Friday, October 2, 2026
spot_img
Homeਜੀ.ਟੀ.ਏ. ਨਿਊਜ਼ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਭਾਈਚਾਰੇ ਨਾਲ ਸਬੰਧਤ ਸਰਗਰਮੀਆਂ ਵਿੱਚ ਕੀਤੀ ਸ਼ਿਰਕਤ

ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਭਾਈਚਾਰੇ ਨਾਲ ਸਬੰਧਤ ਸਰਗਰਮੀਆਂ ਵਿੱਚ ਕੀਤੀ ਸ਼ਿਰਕਤ

ਵਿਸ਼ਵ ਪੰਜਾਬੀ ਸਭਾ ਦੇ ਸੱਦੇ ‘ਤੇ 7ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਸ਼ਾਮਲ ਹੋਣ ਦਾ ਦਿੱਤਾ ਭਰੋਸਾ
ਪ੍ਰਭਜੋਤ ਸਿੰਘ (Local Journalism Initiative Reporter)
ਬਰੈਂਪਟਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਆਪਣੇ ਕੈਨੇਡਾ ਦੌਰੇ ਦੌਰਾਨ ਬਰੈਂਪਟਨ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਵੱਖ-ਵੱਖ ਸਮਾਜਿਕ ਅਤੇ ਪੰਜਾਬੀ ਭਾਈਚਾਰੇ ਨਾਲ ਸਬੰਧਤ ਸਰਗਰਮੀਆਂ ਵਿੱਚ ਸ਼ਿਰਕਤ ਕੀਤੀ ਗਈ। ਇਸ ਦੌਰਾਨ ਸ. ਕੁਲਤਾਰ ਸਿੰਘ ਸੰਧਵਾਂ ਨੇ ਬਰੈਂਪਟਨ ਕੈਸ਼ ਐਂਡ ਕੈਰੀ ਅਤੇ ਵਿਲੇਜ ਆਫ ਇੰਡੀਆ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬੀ ਭਾਈਚਾਰੇ ਦੇ ਆਗੂਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਮੁਲਾਕਾਤ ਕੀਤੀ ਗਈ ਅਤੇ ਪੰਜਾਬ, ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਵੱਲੋਂ ਸ. ਕੁਲਤਾਰ ਸਿੰਘ ਸੰਧਵਾਂ ਨੂੰ ਵਿਸ਼ਵ ਪੰਜਾਬੀ ਸਭਾ ਵੱਲੋਂ ਕਰਵਾਈ ਜਾ ਰਹੀ 7ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਸੱਦਾ ਦਿੱਤਾ ਗਿਆ। ਇਹ ਕਾਨਫਰੰਸ 2 ਤੋਂ 4 ਅਕਤੂਬਰ 2026 ਤੱਕ ਬਰੈਂਪਟਨ ਸਥਿਤ ਵਿਸ਼ਵ ਪੰਜਾਬੀ ਭਵਨ ਵਿਖੇ ਕਰਵਾਈ ਜਾ ਰਹੀ ਹੈ।
ਡਾ. ਦਲਬੀਰ ਸਿੰਘ ਕਥੂਰੀਆ ਨੇ ਕਿਹਾ ਕਿ ਵਿਸ਼ਵ ਪੰਜਾਬੀ ਸਭਾ ਵੱਲੋਂ ਦੁਨੀਆ ਭਰ ਵਿੱਚ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਪੰਜਾਬੀਅਤ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਨਫਰੰਸ ਵਿੱਚ ਪੰਜਾਬ ਅਤੇ ਵਿਦੇਸ਼ਾਂ ਤੋਂ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨਾਲ ਜੁੜੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਹੋਵੇਗੀ। ਸੱਦਾ ਪ੍ਰਵਾਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ 2 ਤੋਂ 4 ਅਕਤੂਬਰ ਤੱਕ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ। ਉਨ੍ਹਾਂ ਪੰਜਾਬੀ ਭਾਸ਼ਾ ਅਤੇ ਪੰਜਾਬੀ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਵਿਦੇਸ਼ਾਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਸ. ਸੰਧਵਾਂ ਨੇ ਇਸ ਮੌਕੇ ਡਾ. ਦਲਬੀਰ ਸਿੰਘ ਕਥੂਰੀਆ ਅਤੇ ਵਿਸ਼ਵ ਪੰਜਾਬੀ ਸਭਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਪੰਜਾਬੀਅਤ ਨਾਲ ਜੁੜੇ ਅਜਿਹੇ ਉਪਰਾਲੇ ਦੁਨੀਆ ਭਰ ਵਿੱਚ ਪੰਜਾਬੀ ਭਾਈਚਾਰੇ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਜ਼ਿਕਰਯੋਗ ਹੈ ਕਿ ਬਰੈਂਪਟਨ ਪੰਜਾਬੀ ਭਾਈਚਾਰੇ ਦੀਆਂ ਸੱਭਿਆਚਾਰਕ ਗਤੀਵਿਧੀਆਂ ਦਾ ਇੱਕ ਮਹੱਤਵਪੂਰਨ ਕੇਂਦਰ ਹੈ ਅਤੇ ਇੱਥੇ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨਾਲ ਸਬੰਧਤ ਕਈ ਸੰਸਥਾਵਾਂ ਸਰਗਰਮ ਹਨ। ਵਿਸ਼ਵ ਪੰਜਾਬੀ ਸਭਾ ਐਸੋਸੀਏਸ਼ਨ ਦੀ ਕੈਨੇਡਾ ਵਿੱਚ ਰਜਿਸਟ੍ਰੇਸ਼ਨ 11 ਜਨਵਰੀ 2023 ਨੂੰ ਹੋਈ ਸੀ।

RELATED ARTICLES
POPULAR POSTS