
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬਾ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਰਾਜਾ ਵੜਿੰਗ ਨੇ ਦਿੱਲੀ ਪਹੁੰਚ ਕੇ ਰਸਮੀ ਤੌਰ ’ਤੇ ਪ੍ਰਧਾਨਗੀ ਅਹੁਦੇ ਤੋਂ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਸੌਂਪ ਦਿੱਤਾ। ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੜਿੰਗ ਨੇ ਕਿਹਾ ਕਿ ਮੈਂ ਖੁਦ ਅਸਤੀਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਅਸਤੀਫੇ ਨਹੀਂ ਲਏ ਜਾਂਦੇ, ਬਲਕਿ ਚਿੱਠੀ ਜਾਰੀ ਕਰਕੇ ਥੈਂਕਸ ਕਰ ਦਿੱਤਾ ਜਾਂਦਾ ਹੈ। ਰਾਜਾ ਵੜਿੰਗ ਨੇ ਬਹੁਤ ਘੱਟ ਸਮਾਂ ਮੀਡੀਆ ਨਾਲ ਗੱਲਬਾਤ ਕੀਤੀ, ਪਰ ਉਨ੍ਹਾਂ ਦੇ ਚਿਹਰੇ ’ਤੇ ਮਾਯੂਸੀ ਵੀ ਸਾਫ ਦਿਖਾਈ ਦਿੱਤੀ। ਵੜਿੰਗ ਨੇ ਇਹ ਵੀ ਕਿਹਾ ਹੈ ਕਿ ਮੈਂ ਰਾਹੁਲ ਗਾਂਧੀ ਨੂੰ ਪੰਜਾਬ ਵਿਚ ਚੁਣੌਤੀਆਂ ਦੇ ਬਾਰੇ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹੁਣ ਮੈਨੂੰ ਲੱਗਦਾ ਹੈ ਕਿ ਮੈਂ ਕੁਝ ਦਿਨਾਂ ਲਈ ਛੁੱਟੀ ’ਤੇ ਜਾਵਾਂ। ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨੂੰ ਲੈ ਕੇ ਵੀ ਸਵਾਲ ਚੁੱਕੇ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਾਲੇ ਖਿੱਚੋਤਾਣ ਚੱਲ ਰਹੀ ਸੀ।

