
ਗੈਰਕਾਨੂੰਨੀ ਹੁਕਮਾਂ ਨੂੰ ਲਾਗੂ ਕਰਨ ਦੇ ਗਿਆਨੇਸ਼ ਕੁਮਾਰ ’ਤੇ ਲੱਗੇ ਇਲਜ਼ਾਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਅੱਜ ਸੋਮਵਾਰ ਨੂੰ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ’ਤੇ ਤਿੱਖਾ ਸਿਆਸੀ ਹਮਲਾ ਬੋਲਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਕਾਂਗਰਸ ਪਾਰਟੀ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਗੈਰਕਾਨੂੰਨੀ ਹੁਕਮਾਂ ਨੂੰ ਲਾਗੂ ਕਰਨ ਦੀ ਸਮਰੱਥਾ ਕਾਰਨ ਗਿਆਨੇਸ਼ ਕੁਮਾਰ ਹੁਣ ਦੇਸ਼ ਲਈ ਇਕ ਬੋਝ ਬਣ ਚੁੱਕੇ ਹਨ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਦਾ ਇਹ ਬਿਆਨ ਸੁਪਰੀਮ ਕੋਰਟ ਦੇ ਜੱਜ ਜਸਟਿਸ ਉਜਲ ਭੂਯਾਨ ਦੇ ਉਸ ਬਿਆਨ ਤੋਂ ਬਾਅਦ ਆਇਆ ਹੈ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਕਰੋੜਾਂ ਨਾਗਰਿਕਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕਰਨ ਵਾਲੀ ਕੋਈ ਵੀ ਪ੍ਰਕਿਰਿਆ ਸੰਵਿਧਾਨਕ ਵਿਵਸਥਾ ਦਾ ਅਪਮਾਨ ਹੈ। ਜਸਟਿਸ ਭੂਯਾਨ ਦੇ ਭਾਸ਼ਣ ਦੀ ਵੀਡੀਓ ਸਾਂਝੀ ਕਰਦਿਆਂ ਜੈਰਾਮ ਰਮੇਸ਼ ਨੇ ਕਿਹਾ ਕਿ ਜੱਜ ਨੇ ਚੋਣ ਕਮਿਸ਼ਨਰ ਦਾ ਪੂਰੀ ਤਰ੍ਹਾਂ ਨਕਾਬ ਉਤਾਰ ਦਿੱਤਾ ਹੈ। ਜੇਕਰ ਮੁੱਖ ਚੋਣ ਕਮਿਸ਼ਨਰ ਵਿਚ ਥੋੜ੍ਹੀ ਵੀ ਨੈਤਿਕਤਾ ਹੈ ਤਾਂ ਉਨ੍ਹਾਂ ਨੂੰ ਤੁਰੰਤ ਅਹੁਦਾ ਛੱਡ ਦੇਣਾ ਚਾਹੀਦਾ ਹੈ। ਇਸੇ ਦੌਰਾਨ, ਚੋਣ ਕਮਿਸ਼ਨ ਦੇ ਦਫਤਰ ਵਿਚ ਵੀ ਐਸ.ਆਈ.ਆਰ. ਨੂੰ ਲੈ ਕੇ ਅੰਦਰੂਨੀ ਮਤਭੇਦ ਸਾਹਮਣੇ ਆਏ ਹਨ।

