
ਪਾਰਟੀ ਦੀ ਰਜਿਸਟਰੇਸ਼ਨ ਰੋਕਣ ਨੂੰ ਦੱਸਿਆ ਸਰਾਸਰ ਧੱਕਾ
ਚੰਡੀਗੜ੍ਹ/ਬਿਊਰੋ ਨਿਊਜ਼ : ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਅੱਜ ਚੰਡੀਗੜ੍ਹ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ। ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਰਾਜਪਾਲ ਨਾਲ ਮੁਲਾਕਾਤ ਕਰਕੇ ਭਾਰਤ ਦੇ ਚੋਣ ਕਮਿਸ਼ਨਰ ਖਿਲਾਫ ਆਪਣਾ ਵਿਰੋਧ ਦਰਜ ਕਰਵਾਇਆ ਗਿਆ। ਮਨਪ੍ਰੀਤ ਸਿੰਘ ਇਆਲੀ ਅਤੇ ਐਮ.ਪੀ. ਸਰਬਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਇਸ ਵਫਦ ਨੇ ਰਾਜਪਾਲ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਤੋਂ ਬਾਅਦ ਮਨਪ੍ਰੀਤ ਸਿੰਘ ਇਆਲੀ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਦੇਸ਼ ਦੀ ਸੁਰੱਖਿਆ ਨੂੰ ਖਤਰੇ ਦੇ ਹਵਾਲੇ ਨਾਲ ਉਨ੍ਹਾਂ ਦੀ ਪਾਰਟੀ ਦੀ ਰਜਿਸਟਰੇਸ਼ਨ ਰੋਕੀ ਗਈ, ਜੋ ਸਰਾਸਰ ਧੱਕਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਣੇ ਬਾਕੀ ਪਾਰਟੀਆਂ ਵੀ ਚੋਣ ਮੈਦਾਨ ਵਿਚ ‘ਵਾਰਿਸ ਪੰਜਾਬ ਦੇ’ ਪਾਰਟੀ ਤੋਂ ਆਪਣੇ ਆਪ ਨੂੰ ਖਤਰਾ ਸਮਝਦੀਆਂ ਹਨ, ਜਿਸ ਕਰਕੇ ਇਨ੍ਹਾਂ ਧਿਰਾਂ ਦਾ ਪਾਰਟੀ ਦੀ ਰਜਿਸਟਰੇਸ਼ਨ ਰੁਕਵਾਉਣ ਪਿੱਛੇ ਹੱਥ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਕੌਮੀ ਏਕਤਾ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਦੀਆਂ ਸੁਹਿਰਦ ਹਮਖਿਆਲੀ ਜਥੇਬੰਦੀਆਂ ਅਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ‘ਤਾਲਮੇਲ ਕਮੇਟੀ’ ਦਾ ਗਠਨ ਵੀ ਕੀਤਾ ਗਿਆ ਹੈ।

