
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖਿਲਾਫ ਹੋ ਰਿਹਾ ਹੈ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਪੁਲਿਸ ਨੇ ਚੋਣ ਕਮਿਸ਼ਨ ਵਿਰੁੱਧ ਰੋਸ ਮਾਰਚ ਦੌਰਾਨ ਬਿਨਾ ਇਜਾਜ਼ਤ ਆਕਾਸ਼ਵਾਣੀ ਭਵਨ ਦੇ ਅੰਦਰ ਦਾਖਲ ਹੋਣ ਦੇ ਇਲਜ਼ਾਮਾਂ ਤਹਿਤ ਕਾਂਗਰਸ ਪਾਰਟੀ ਦੇ ਆਗੂਆਂ ਰਾਹੁਲ ਗਾਂਧੀ, ਪਿ੍ਰਅੰਕਾ ਗਾਂਧੀ, ਹੋਰ ਵਿਰੋਧੀ ਧਿਰਾਂ ਦੇ ਆਗੂਆਂ ਅਤੇ ਸਮਰਥਕਾਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਹੈ। ਪੁਲਿਸ ਅਨੁਸਾਰ ਇਹ ਮਾਮਲਾ ਪ੍ਰਦਰਸ਼ਨਕਾਰੀਆਂ ਵਲੋਂ ਇਮਾਰਤ ਅੰਦਰ ਦਾਖਲ ਹੋਣ ਅਤੇ ਪੁਲਿਸ ਦੀਆਂ ਹਦਾਇਤਾਂ ਦੇ ਬਾਵਜੂਦ ਬਾਹਰ ਨਾ ਨਿਕਲਣ ਤੋਂ ਬਾਅਦ ਦਰਜ ਕੀਤਾ ਗਿਆ ਹੈ। ‘ਇੰਡੀਆ’ ਗਠਜੋੜ ਦੇ ਮੈਂਬਰ ਪਾਰਲੀਮੈਂਟ ਸੰਸਦ ਭਵਨ ਤੋਂ ਚੋਣ ਕਮਿਸ਼ਨ ਦੇ ਦਫਤਰ ਵੱਲ ਮਾਰਚ ਕਰ ਰਹੇ ਸਨ, ਜਿਸ ਦੌਰਾਨ ਇਹ ਪ੍ਰਦਰਸ਼ਨਕਾਰੀ ਆਕਾਸ਼ਵਾਣੀ ਭਵਨ ਦੇ ਕੰਪਲੈਕਸ ਵਿਚ ਦਾਖਲ ਹੋ ਗਏ ਸਨ। ਪੁਲਿਸ ਦਾ ਕਹਿਣਾ ਹੈ ਕਿ ਕਾਨੂੰਨ ਤੇ ਵਿਵਸਥਾ ਬਣਾਈ ਰੱਖਣ ਲਈ ਅਤੇ ਕਾਨੂੰਨੀ ਹੁਕਮਾਂ ਦੀ ਵਾਰ-ਵਾਰ ਉਲੰਘਣਾ ਕਰਨ ’ਤੇ ਇਹ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ 10 ਸੰਸਦ ਮੈਂਬਰਾਂ ਸਣੇ 260 ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖਿਲਾਫ ਲਗਾਤਾਰ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।

