
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੇ ਫੈਸਲਿਆਂ ਦੀ ਜਾਂਚ ਦੀ ਕੀਤੀ ਗਈ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼
‘ਕਾਕਰੋਚ ਜਨਤਾ ਪਾਰਟੀ’ ਦੇ ਬੁਲਾਰੇ ਸੌਰਵ ਦਾਸ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਗੱਦਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਗਿਆਨੇਸ਼ ਕੁਮਾਰ ਦੇਸ਼ ਧ੍ਰੋਹੀ ਵੀ ਹੈ। ਸੌਰਵ ਦਾਸ ਨੇ ਕਿਹਾ ਕਿ ਹੁਣ ਤਾਂ ਸੁਪਰੀਮ ਕੋਰਟ ਨੇ ਵੀ ਕਹਿ ਦਿੱਤਾ ਹੈ ਕਿ ਗਿਆਨੇਸ਼ ਕੁਮਾਰ ਨੰਬਰ ਵਨ ਝੂਠੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਵਿਅਕਤੀ ਸਿਸਟਮ ਵਿਚ ਬੈਠੇ ਰਹਿਣਗੇ ਤਾਂ ਦੇਸ਼ ਦੀ ਤਰੱਕੀ ਕਦੀ ਵੀ ਨਹੀਂ ਹੋਵੇਗੀ। ਦਿੱਲੀ ਦੇ ਪ੍ਰੈਸ ਕਲੱਬ ਵਿਚ ‘ਕਾਕਰੋਚ ਜਨਤਾ ਪਾਰਟੀ’ ਅਤੇ ਖੱਬੇ ਪੱਖੀ ਵਿਦਿਆਰਥੀ ਜਥੇਬੰਦੀਆਂ ਨੇ ਮੀਡੀਆ ਸਾਹਮਣੇ ਗੱਲਬਾਤ ਕੀਤੀ ਹੈ। ‘ਕਾਕਰੋਚ ਜਨਤਾ ਪਾਰਟੀ’ ਦੇ ਆਗੂ ਨੇ ਕਿਹਾ ਕਿ ਗਿਆਨੇਸ਼ ਕੁਮਾਰ ਨੂੰ ਸਿਰਫ ਹਟਾਇਆ ਨਾ ਜਾਵੇ, ਬਲਕਿ ਉਸਦੇ ਖਿਲਾਫ ਕੇਸ ਵੀ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਕ ਨਿਰਪੱਖ ਕਮੇਟੀ, ਗਿਆਨੇਸ਼ ਕੁਮਾਰ ਵਲੋਂ ਲਏ ਗਏ ਫੈਸਲਿਆਂ ਦੀ ਜਾਂਚ ਵੀ ਕਰੇ। ਸੌਰਵ ਦਾਸ ਨੇ ਇਹ ਵੀ ਦੱਸਿਆ ਕਿ ‘ਕਾਕਰੋਚ ਜਨਤਾ ਪਾਰਟੀ’ ਦਿੱਲੀ ਦੇ ਜੰਤਰ-ਮੰਤਰ ’ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਵੀ ਕਰੇਗੀ। ਜ਼ਿਕਰਯੋਗ ਹੈ ਕਿ ਸਪੈਸ਼ਲ ਇਨਟੈਨਸਿਵ ਰਿਵੀਜ਼ਨ (ਐਸਆਈਆਰ) ’ਚ ਗੜਬੜੀਆਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਬੁਰੀ ਤਰ੍ਹਾਂ ਘਿਰ ਚੁੱਕੇ ਹਨ ਅਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ।

