
ਕਿਹਾ : 7-8 ਘੰਟਿਆਂ ’ਚ ਸੀਬੀਆਈ ਨੂੰ ਕੁਝ ਨਹੀਂ ਮਿਲਿਆ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵਲੋਂ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਸੀਬੀਆਈ ਦੀ ਟੀਮ ਵਲੋਂ ਚੰਡੀਗੜ੍ਹ, ਮੁਹਾਲੀ, ਸੰਗਰੂਰ, ਗੁਰਦਾਸਪੁਰ, ਲੁਧਿਆਣਾ, ਪਟਿਆਲਾ ਅਤੇ ਜਲੰਧਰ ਜ਼ਿਲ੍ਹਿਆਂ ਵਿਚ ਛਾਪੇ ਮਾਰੇ ਗਏ। ਇਸਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਸੀਐਮ ਮਾਨ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਿਰੋਧੀਆਂ ’ਤੇ ਛਾਪੇਮਾਰੀ ਕਰਵਾਉਣਾ ਭਾਰਤੀ ਜਨਤਾ ਪਾਰਟੀ ਦੇ ਕੰਮ ਕਰਨ ਦਾ ਤਰੀਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 7-8 ਘੰਟੇ ਚੱਲੀ ਇਸ ਤਲਾਸ਼ੀ ਦੌਰਾਨ ਕੇਂਦਰੀ ਜਾਂਚ ਏਜੰਸੀ ਨੂੰ ਕੁਝ ਵੀ ਇਤਰਾਜ਼ਯੋਗ ਜਾਂ ਸ਼ੱਕੀ ਨਹੀਂ ਮਿਲਿਆ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ’ਤੇ ਸੀਬੀਆਈ ਨੇ ਮੁੱਖ ਮੰਤਰੀ ਦੇ ਓਐਸਡੀ ਅਤੇ ਹੋਰ ਅਧਿਕਾਰੀਆਂ ਨਾਲ ਜੁੜੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਏਜੰਸੀ ਨੇ ਮੰਤਰੀ ਦੇ ‘ਕੈਂਪ ਦਫਤਰ’ ਸਮੇਤ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਸੀ। ਇਸਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਧੂਰੀ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੀਐਮ ਮਾਨ ਨੇ ਭਾਜਪਾ ’ਤੇ ਤਿੱਖਾ ਸ਼ਬਦੀ ਹਮਲਾ ਬੋਲਦਿਆਂ ਇਲਜ਼ਾਮ ਲਗਾਇਆ ਕਿ ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ, ਭਾਜਪਾ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਲੱਗ ਜਾਂਦੀ ਹੈ। ਮਾਨ ਨੇ ਸਪੱਸ਼ਟ ਕਿਹਾ ਕਿ ਪੰਜਾਬ ਦੇ ਲੋਕ ਕੇਂਦਰ ਦੀਆਂ ਏਜੰਸੀਆਂ ਰਾਹੀਂ ਕੀਤੀ ਜਾ ਰਹੀ ਕਿਸੇ ਵੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ।
ਸੀਬੀਆਈ ਅੱਗੇ ਪੇਸ਼ ਨਹੀਂ ਹੋਏ ਸੀਐਮ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ
ਪੰਜਾਬ ਸਰਕਾਰ ਸੀਬੀਆਈ ਜਾਂਚ ਦੇ ਖਿਲਾਫ ਪਹੁੰਚੀ ਸੁਪਰੀਮ ਕੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਸੀਬੀਆਈ ਦੇ ਚੰਡੀਗੜ੍ਹ ਦਫਤਰ ਵਿਚ ਪੇਸ਼ ਨਹੀਂ ਹੋਏ ਹਨ। ਸੀਬੀਆਈ ਨੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਘੁੰਮਣ ਨੂੰ ਅੱਜ ਬੁੱਧਵਾਰ ਨੂੰ ਦੁਪਹਿਰੇ ਢਾਈ ਵਜੇ ਸੀਬੀਆਈ ਦੇ ਦਫਤਰ ਵਿਚ ਪੇਸ਼ ਹੋਣ ਲਈ ਸੰਮਣ ਜਾਰੀ ਕੀਤੇ ਸਨ। ਇਸਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੀਬੀਆਈ ਜਾਂਚ ਦੇ ਖਿਲਾਫ ਸੁਪਰੀਮ ਕੋਰਟ ਵਿਚ ਸਪੈਸ਼ਲ ਲੀਵ ਪਟੀਸ਼ਨ ਦਾਇਰ ਕਰ ਦਿੱਤੀ ਗਈ ਹੈ, ਜਿਸ ’ਤੇ ਇਕ-ਦੋ ਦਿਨਾਂ ਬਾਅਦ ਸੁਣਵਾਈ ਹੋਣੀ ਹੈ। ਇਸੇ ਦੌਰਾਨ ਮੁੱਖ ਮੰਤਰੀ ਦਫਤਰ ਦਾ ਕਹਿਣਾ ਹੈ ਕਿ ਸੀਬੀਆਈ ਵਲੋਂ ਰਾਜਬੀਰ ਸਿੰਘ ਘੁੰਮਣ ਨੂੰ ਅੱਜ ਪੇਸ਼ ਹੋਣ ਲਈ ਕੋਈ ਸੰਮਣ ਨਹੀਂ ਮਿਲਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸੀਬੀਆਈ ਵਲੋਂ ਲੰਘੇ ਕੱਲ੍ਹ ਸੰਗਰੂਰ ਜ਼ਿਲ੍ਹੇ ਦੇ ਪਿੰਡ ਘਰਾਚੋਂ ਸਥਿਤ ਰਾਜਬੀਰ ਸਿੰਘ ਘੁੰਮਣ ਦੇ ਘਰ ਵੀ ਛਾਪਾ ਮਾਰਿਆ ਗਿਆ ਸੀ। ਇਸੇ ਦੌਰਾਨ ਸੀਬੀਆਈ ਦੀ ਟੀਮ ਜਦੋਂ ਪਿੰਡ ਘਰਾਚੋਂ ਪਹੁੰਚੀ ਤਾਂ ਪਿੰਡ ਦੇ ਕੁਝ ਵਿਅਕਤੀਆਂ ਨੇ ਇਸ ਟੀਮ ਦਾ ਸਵਾਗਤ ਕੀਤਾ ਸੀ ਅਤੇ ਮਠਿਆਈ ਵੀ ਵੰਡੀ ਸੀ। ਇਸਦੇ ਚੱਲਦਿਆਂ ਸੰਗਰੂਰ ਪੁਲਿਸ ਵੱਲੋਂ ਇਕ ਐਸ.ਐਚ.ਓ. ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਅਤੇ ਕੁਝ ਵਿਅਕਤੀਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਵੀ ਲੈ ਲਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਹਿਰਾਸਤ ਵਿਚ ਲਏ ਗਏ ਵਿਅਕਤੀਆਂ ਨੂੰ ਬਾਅਦ ਵਿਚ ਰਿਹਾਅ ਵੀ ਕਰ ਦਿੱਤਾ ਗਿਆ।

