11.3 C
Toronto
Thursday, October 8, 2026
spot_img
HomeਕੈਨੇਡਾFrontਸੁਪਰੀਮ ਕੋਰਟ ’ਚ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਟਲੀ

ਸੁਪਰੀਮ ਕੋਰਟ ’ਚ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਟਲੀ

ਸੁਪਰੀਮ ਕੋਰਟ ’ਚ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਟਲੀ
ਸੀਬੀਆਈ  ਜਾਂਚ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹੁਣ ਭਲਕੇ 9 ਅਕਤੂਬਰ ਨੂੰ ਹੋਵੇਗੀ ਸੁਣਵਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸਰਕਾਰੀ ਬਦਲੀਆਂ, ਤੈਨਾਤੀਆਂ ਅਤੇ ਟੈਂਡਰਾਂ ਵਿਚ ਭਿ੍ਰਸ਼ਟਾਚਾਰ ਦੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹਾਈਕੋਰਟ ਦੇ ਹੁਕਮਾਂ ਖਿਲਾਫ ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ ’ਚ ਦਾਖਲ ਕੀਤੀ ਗਈ ਪਟੀਸ਼ਨ ’ਤੇ ਅੱਜ ਸੁਣਵਾਈ ਨਹੀਂ ਹੋਈ। ਹੁਣ ਇਸ ਮਾਮਲੇ ’ਤੇ ਸੁਪਰੀਮ ਕੋਰਟ ਵਿਚ ਭਲਕੇ 9 ਅਕਤੂਬਰ ਨੂੰ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿਚ ਸਪੈਸ਼ਲ ਲੀਵ ਪਟੀਸ਼ਨ ਦਾਇਰ ਕਰਕੇ ਚੁਣੌਤੀ ਦਿੱਤੀ ਗਈ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸਰਕਾਰੀ ਬਦਲੀਆਂ ਅਤੇ ਪੋਸਟਿੰਗਾਂ ਵਿਚ ਲੈਣ ਦੇਣ ਅਤੇ ਟੈਂਡਰਾਂ ਵਿਚ ਰਿਸ਼ਵਤ ਆਦਿ ਦੇ ਇਲਜ਼ਾਮਾਂ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ। ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਗੰਭੀਰਤਾ ਦੇ ਮੱਦੇਨਜ਼ਰ ਬਿਨਾ ਦੇਰ ਕੀਤੇ ਸੁਪਰੀਮ ਕੋਰਟ ਦਾ ਰੁਖ ਕੀਤਾ ਅਤੇ ਅੱਧੀ ਰਾਤ ਨੂੰ ਸਪੈਸ਼ਲ ਲੀਵ ਪਟੀਸ਼ਨ ਦਾਇਰ ਕੀਤੀ ਸੀ। ਦੱਸਣਯੋਗ ਹੈ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵਲੋਂ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਦੇ ਘਰ ਛਾਪੇਮਾਰੀ ਕੀਤੀ ਗਈ ਸੀ। ਸੀਬੀਆਈ ਦੀ ਟੀਮ ਵਲੋਂ ਚੰਡੀਗੜ੍ਹ, ਮੁਹਾਲੀ, ਸੰਗਰੂਰ, ਗੁਰਦਾਸਪੁਰ, ਲੁਧਿਆਣਾ, ਪਟਿਆਲਾ ਅਤੇ ਜਲੰਧਰ ਜ਼ਿਲ੍ਹਿਆਂ ਵਿਚ ਛਾਪੇ ਮਾਰੇ ਗਏ ਸਨ। ਇਸੇ ਦੌਰਾਨ ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਚੋਣਾਂ ਤੋਂ ਪਹਿਲਾਂ ਵਿਰੋਧੀਆਂ ’ਤੇ ਛਾਪੇਮਾਰੀ ਕਰਵਾਉਣਾ ਭਾਰਤੀ ਜਨਤਾ ਪਾਰਟੀ ਦਾ ਕੰਮ ਕਰਨ ਦਾ ਤਰੀਕਾ ਹੈ। ਉਨ੍ਹਾਂ ਦਾਅਵਾ ਕੀਤਾ ਸੀ ਕਿ 7-8 ਘੰਟੇ ਚੱਲੀ ਤਲਾਸ਼ੀ ਦੌਰਾਨ ਸੀਬੀਆਈ ਨੂੰ ਕੁਝ ਵੀ ਇਤਰਾਜ਼ਯੋਗ ਜਾਂ ਸ਼ੱਕੀ ਨਹੀਂ ਮਿਲਿਆ ਸੀ।

RELATED ARTICLES
POPULAR POSTS