
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੀ ਵੋਟਰ ਸੂਚੀ ਵਿਚੋਂ 2 ਲੱਖ ਤੋਂ ਵੀ ਵੱਧ ਭਾਰਤੀ ਮੂਲ ਦੇ ਵੋਟਰਾਂ ਦੇ ਨਾਮ ਕੱਟ ਦਿੱਤੇ ਗਏ ਹਨ। ਇਨ੍ਹਾਂ ਵਿਅਕਤੀਆਂ ਦੇ ਨਾਮ ਉਨ੍ਹਾਂ 26 ਸੂਬਿਆਂ ਵਿਚ ਕੱਟੇ ਗਏ ਹਨ, ਜਿੱਥੇ ਟਰੰਪ ਦੀ ਰਿਪਬਲਿਕਨ ਪਾਰਟੀ ਦੀ ਸਰਕਾਰ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਭਾਰਤੀ ਮੂਲ ਦੇ ਕਰੀਬ 21 ਲੱਖ ਵੋਟਰ ਹਨ। ਆਉਂਦੀ 3 ਨਵੰਬਰ ਨੂੰ ਅਮਰੀਕਾ ਵਿਚ ਮੱਧਕਾਲੀ ਚੋਣਾਂ ਹੋਣੀਆਂ ਹਨ ਅਤੇ ਇਨ੍ਹਾਂ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹਾਰ ਦਾ ਡਰ ਸਤਾ ਰਿਹਾ ਹੈ। ਇਸਦਾ ਇਕ ਕਾਰਨ ਭਾਰਤੀ ਮੂਲ ਦੇ ਵੋਟਰਾਂ ਦਾ ਰੁਝਾਨ ਹੈ, ਜੋ ਹਮੇਸ਼ਾ ਹੀ ਟਰੰਪ ਦੀ ਵਿਰੋਧੀ ਡੈਮੋਕਰੇਟਿਕ ਪਾਰਟੀ ਵੱਲ ਰਿਹਾ ਹੈ। ਦੱਸਣਯੋਗ ਹੈ ਕਿ ਅਮਰੀਕਾ ਵਿਚ 2024 ਦੀਆਂ ਰਾਸ਼ਟਰਪਤੀ ਚੋਣਾਂ ਵਿਚ ਕਰੀਬ 65 ਫੀਸਦੀ ਭਾਰਤੀ ਮੂਲ ਦੇ ਵਿਅਕਤੀਆਂ ਨੇ ਡੈਮੋਕਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਨੂੰ ਵੋਟਾਂ ਪਾਈਆਂ ਸਨ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਡੋਨਾਲਡ ਟਰੰਪ ਇਨ੍ਹਾਂ ਵੋਟਾਂ ਵਿਚ ਵੱਡੀ ਪੱਧਰ ’ਤੇ ਹੇਰਾਫੇਰੀ ਹੋਣ ਦਾ ਦਾਅਵਾ ਕਰ ਰਹੇ ਹਨ।

