
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ’ਤੇ ਦਿੱਲੀ ਪੁਲਿਸ ਦੀ ਵੱਡੀ ਕਾਰਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ਤੋਂ ਬਾਅਦ ਦਿੱਲੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪਾਰਟੀ ਵਿਧਾਇਕਾਂ ਅਤੇ ਹੋਰ ਆਗੂੁਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ‘ਆਪ’ ਆਗੂਆਂ ਉਤੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਦੀ ਮਰਿਆਦਾ ਭੰਗ ਕਰਨ, ਹੰਗਾਮਾ ਕਰਨ ਅਤੇ ਬਾਅਦ ਵਿਚ ਸ਼ੋਸ਼ਲ ਮੀਡੀਆ ’ਤੇ ਭਰਮਾਊ ਵੀਡੀਓ ਤੇ ਪੋਸਟਾਂ ਵਾਇਰਲ ਕਰਨ ਦੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਦਿੱਲੀ ਪੁਲਿਸ ਮੁਤਾਬਕ ਸ਼ਿਕਾਇਤ ਨਾਲ ਸੌਂਪੀ ਗਈ ਵੀਡੀਓ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਲਿਸ ਕਮਿਸ਼ਨਰ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਇਲਜ਼ਾਮ ਲਗਾਇਆ ਕਿ ‘ਆਪ’ ਦੇ ਵਰਕਰਾਂ ਅਤੇ ਸਮਰਥਕਾਂ ਨੇ ਇਕ ਯੋਜਨਾਬੱਧ ਤਰੀਕੇ ਨਾਲ ਗੁਰਦੁਆਰਾ ਬੰਗਲਾ ਸਾਹਿਬ ਦੀ ਪਰਿਕਰਮਾ ਅਤੇ ਕੰਪਲੈਕਸ ਵਿਚ ਦਾਖਲ ਹੋ ਕੇ ਸਿਆਸੀ ਪ੍ਰਦਰਸ਼ਨ ਕੀਤਾ, ਜਿਸ ਨਾਲ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਪ੍ਰਭਾਵਿਤ ਹੋਈ। ਸ਼ਿਕਾਇਤ ਵਿਚ ਦੱਸਿਆ ਗਿਆ ਕਿ ਪ੍ਰਦਰਸ਼ਨਕਾਰੀਆਂ ਨੇ ਉਥੇ ਸਿਆਸੀ ਨਾਅਰੇਬਾਜ਼ੀ ਕੀਤੀ ਅਤੇ ਹੁੱਲੜਬਾਜ਼ੀ ਦਾ ਮਾਹੌਲ ਪੈਦਾ ਕੀਤਾ, ਜਿਸ ਨਾਲ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸਦੇ ਚੱਲਦਿਆਂ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਨਿਆਇਕ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਧਰ ਦੂਜੇ ਪਾਸੇ ਗੁਰਦੁਆਰਾ ਬੰਗਲਾ ਸਾਹਿਬ ਵਿਚ ਪੁਲਿਸ ਦੇ ਦਾਖਲ ਹੋਣ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪੁਲਿਸ ਕਾਰਵਾਈ ਦਾ ਵਿਰੋਧ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਵੀ ਸੌਂਪਿਆ ਹੈ। ਇਸ ਮੰਗ ਪੱਤਰ ਵਿਚ ਉਨ੍ਹਾਂ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਤਲਬ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਗ੍ਰਹਿ ਮੰਤਰੀ ਦੇ ਅਧਿਕਾਰ ਖੇਤਰ ਵਿਚ ਆਉਂਦੀ ਹੈ ਤੇ ਇਹ ਸਾਰਾ ਮਾਮਲਾ ਸਿੱਖ ਭਾਵਨਾਵਾਂ ਨਾਲ ਜੁੜਿਆ ਹੈ।

