
ਅਗਾਮੀ ਪੰਜਾਬ ਚੋਣਾਂ ਨੂੰ ਲੈ ਕੇ ਕੀਤੀ ਗਈ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨਾਲ ਦਿੱਲੀ ਵਿਚ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿਚ ਪਾਰਟੀ ਦੀ ਅਗਲੀ ਸਰਗਰਮੀ ਬਾਰੇ ਵਿਚਾਰ-ਵਟਾਂਦਰਾ ਹੋਇਆ ਹੈ। ਪਰਗਟ ਸਿੰਘ ਵਲੋਂ ਲੰਘੇ ਕੱਲ੍ਹ 11 ਅਕਤੂਬਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਸਚਿਨ ਪਾਇਲਟ ਨਾਲ ਇਹ ਮੀਟਿੰਗ ਅਹਿਮ ਮੰਨੀ ਜਾ ਰਹੀ ਹੈ। ਪਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਹੁਣ ਉਨ੍ਹਾਂ ਸਾਹਮਣੇ ਪਾਰਟੀ ਦੇ ਵੱਖ-ਵੱਖ ਧੜਿਆਂ ਵਿਚਕਾਰ ਤਾਲਮੇਲ ਬਣਾਉਣ ਅਤੇ ਸਾਂਝੇ ਤੌਰ ’ਤੇ ਅਗਲੀ ਰਣਨੀਤੀ ਤਿਆਰ ਕਰਨ ਦੀ ਚੁਣੌਤੀ ਵੀ ਰਹੇਗੀ। ਸਚਿਨ ਪਾਇਲਟ ਨਾਲ ਮੁਲਾਕਾਤ ਨੂੰ ਇਸੇ ਸੰਦਰਭ ਵਿਚ ਦੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਲਈ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਾਲੇ ਖਿੱਚੋਤਾਣ ਚੱਲ ਰਹੀ ਸੀ। ਇਸਦੇ ਚੱਲਦਿਆਂ ਪੰਜਾਬ ਕਾਂਗਰਸ ਦੀ ਕਮਾਨ ਪਰਗਟ ਸਿੰਘ ਨੂੰ ਦੇ ਦਿੱਤੀ ਗਈ ਹੈ।

