17.5 C
Toronto
Tuesday, October 13, 2026
spot_img
HomeਕੈਨੇਡਾFrontਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ...

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ ‘ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ ‘ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ
*ਆਂਗਣਵਾੜੀ ਜਥੇਬੰਦੀਆਂ ਨਾਲ ਸੁਖਾਵੇਂ ਅਤੇ ਸਾਰਥਕ ਮਾਹੌਲ ਵਿੱਚ ਹੋਈ ਮੀਟਿੰਗ*
*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਅਤੇ ਸਨਮਾਨ ਲਈ ਪੂਰੀ ਤਰ੍ਹਾਂ ਵਚਨਬੱਧ*
ਚੰਡੀਗੜ੍ਹ, 13 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਦੀ ਰਾਖੀ ਲਈ ਵੀ ਪੂਰੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕਰ ਰਹੀ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਥੇਬੰਦੀਆਂ ਨਾਲ ਮੀਟਿੰਗ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ ‘ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਹਰ ਮੁੱਦੇ ਅਤੇ ਸੁਝਾਅ ਨੂੰ ਬੜੇ ਧਿਆਨ ਅਤੇ ਗੰਭੀਰਤਾ ਨਾਲ ਸੁਣਿਆ। ਇਹ ਮੀਟਿੰਗ ਆਪਸੀ ਵਿਸ਼ਵਾਸ, ਸੁਖਾਵੇਂ ਮਾਹੌਲ ਅਤੇ ਉਸਾਰੂ ਵਿਚਾਰ-ਵਟਾਂਦਰੇ ਵਿੱਚ ਸੰਪੰਨ ਹੋਈ, ਜਿਸ ਨੇ ਸਰਕਾਰ ਅਤੇ ਆਂਗਣਵਾੜੀ ਕਰਮਚਾਰੀਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਜਿਹੜੇ ਮਾਮਲੇ ਵਿਭਾਗੀ ਪੱਧਰ ‘ਤੇ ਹੱਲ ਕੀਤੇ ਜਾ ਸਕਦੇ ਹਨ, ਉਨ੍ਹਾਂ ਦਾ ਨਿਪਟਾਰਾ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਕੀਤਾ ਜਾਵੇਗਾ, ਜਦਕਿ ਸਰਕਾਰ ਪੱਧਰ ‘ਤੇ ਵਿਚਾਰਯੋਗ ਮੰਗਾਂ ਨੂੰ ਵੀ ਪਹਿਲ ਦੇ ਆਧਾਰ ‘ਤੇ ਜਲਦ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਮਾਵਾਂ, ਬੱਚਿਆਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਤੱਕ ਸਰਕਾਰੀ ਭਲਾਈ ਸਕੀਮਾਂ ਦੀ ਪਹੁੰਚ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੀ ਨਿਸ਼ਠਾ, ਮਿਹਨਤ ਅਤੇ ਸਮਰਪਣ ਸੂਬੇ ਦੇ ਸਮਾਜਿਕ ਵਿਕਾਸ ਦੀ ਮਜ਼ਬੂਤ ਨੀਂਹ ਹੈ। ਪੰਜਾਬ ਸਰਕਾਰ ਉਨ੍ਹਾਂ ਦੀ ਸੇਵਾ ਦਾ ਪੂਰਾ ਸਨਮਾਨ ਕਰਦੀ ਹੈ ਅਤੇ ਉਨ੍ਹਾਂ ਦੇ ਜਾਇਜ਼ ਹੱਕਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਰਹੇਗੀ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਥੇਬੰਦੀਆਂ ਵੱਲੋਂ ਉਠਾਏ ਗਏ ਜਾਇਜ਼ ਮਾਮਲਿਆਂ ਦੀ ਤੁਰੰਤ ਜਾਂਚ ਕਰਕੇ ਨਿਰਧਾਰਤ ਸਮੇਂ ਅੰਦਰ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਜਥੇਬੰਦੀਆਂ ਨਾਲ ਨਿਰੰਤਰ ਸੰਵਾਦ ਬਣਾਈ ਰੱਖਿਆ ਜਾਵੇ।

ਮੀਟਿੰਗ ਦਾ ਸਮਾਪਨ ਆਪਸੀ ਵਿਸ਼ਵਾਸ ਅਤੇ ਸਕਾਰਾਤਮਕ ਸਹਿਮਤੀ ਦੇ ਮਾਹੌਲ ਵਿੱਚ ਹੋਇਆ। ਇਸ ਮੌਕੇ ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਪਾਰਦਰਸ਼ੀ ਪ੍ਰਸ਼ਾਸਨ, ਉਸਾਰੂ ਸੰਵਾਦ ਅਤੇ ਲੋਕ-ਪੱਖੀ ਸੋਚ ਨਾਲ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਜਾਇਜ਼ ਹਿੱਤਾਂ ਦੀ ਰਾਖੀ ਲਈ ਨਿਰੰਤਰ ਕਾਰਜਸ਼ੀਲ ਰਹੇਗੀ।

ਇਸ ਮੀਟਿੰਗ ਵਿੱਚ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ, ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੋਂ ਇਲਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

RELATED ARTICLES
POPULAR POSTS