
ਪੁਲਿਸ ਨਾਲ ਝੜਪ ਅਤੇ ਸਰਕਾਰੀ ਡਿਊਟੀ ’ਚ ਵਿਘਨ ਪਾਉਣ ਦੇ ਲੱਗੇ ਇਲਜ਼ਾਮ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਜੰਤਰ-ਮੰਤਰ ’ਤੇ ਬਿਨਾ ਇਜਾਜ਼ਤ ਅਤੇ ਇੱਕ ਨਿੱਜੀ ਜਾਇਦਾਦ ਰਾਹੀਂ ਦਾਖਲ ਹੋ ਕੇ ਹੰਗਾਮਾ ਕਰਨ ਅਤੇ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਵਿਚ ਵਿਘਨ ਪਾਉਣ ਦੇ ਇਲਜ਼ਾਮਾਂ ਹੇਠ ‘ਕਾਕਰੋਚ ਜਨਤਾ ਪਾਰਟੀ’ ਦੇ 14 ਮੈਂਬਰਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਦਿੱਲੀ ਪੁਲਿਸ ਅਨੁਸਾਰ ਇਹ ਘਟਨਾ ਲੰਘੇ ਕੱਲ੍ਹ 13 ਅਕਤੂਬਰ ਦੀ ਸਵੇਰ ਨੂੰ ਵਾਪਰੀ, ਜਦੋਂ ਸੌਰਵ ਦਾਸ, ਆਸ਼ੂਤੋਸ਼ ਰਾਂਕਾ ਅਤੇ ਅਜਿੰਕਿਆ ਸ਼ਿੰਦੇ ਸਣੇ ਪ੍ਰਦਰਸ਼ਨਕਾਰੀਆਂ ਦਾ ਗਰੁੱਪ ਜੰਤਰ-ਮੰਤਰ ਪਹੁੰਚ ਗਿਆ ਸੀ, ਜਦੋਂ ਕਿ ਪ੍ਰਸ਼ਾਸਨ ਵਲੋਂ ਇਸ ਥਾਂ ਨੂੰ ਪ੍ਰਦਰਸ਼ਨਾਂ ਲਈ ਪਹਿਲਾਂ ਹੀ ਰੱਦ ਕੀਤਾ ਜਾ ਚੁੱਕਾ ਹੈ। ਮੌਕੇ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੇ ਕੰਮ ਵਿਚ ਰੁਕਾਵਟ ਪਾਈ। ਇਸ ਸਬੰਧੀ ਕਨੌਟ ਪਲੇਸ ਅਤੇ ਪਾਰਲੀਮੈਂਟ ਸਟਰੀਟ ਥਾਣਿਆਂ ਵਿਚ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਤਿੰਨਾਂ ਨੌਜਵਾਨਾਂ ਨੂੰ ਵਿਸ਼ੇਸ਼ ਕਾਰਜਕਾਰੀ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਸੀ। ਅਦਾਲਤ ਨੇ ਦੁਬਾਰਾ ਮਾਹੌਲ ਖਰਾਬ ਕਰਨ ਦੇ ਖਦਸ਼ੇ ਨੂੰ ਵੇਖਦਿਆਂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ 5 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਜਦੋਂ ਕਿ ਅਜਿੰਕਿਆ ਸ਼ਿੰਦੇ ਨੂੰ 5 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ’ਤੇ 6 ਮਹੀਨਿਆਂ ਤੱਕ ਸ਼ਾਂਤੀ ਬਣਾਈ ਰੱਖਣ ਦੀ ਸ਼ਰਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ।

