
ਗੁੱਸੇ ਵਿਚ ਆਈ ਭੀੜ ਨੇ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਨੂੰ ਵੀ ਲਗਾਈ ਅੱਗ
ਮਾਨਸਾ/ਬਿਊਰੋ ਨਿਊਜ਼
ਮਾਨਸਾ ’ਚ ਨਸ਼ਾ ਵਿਰੋਧੀ ਆਗੂ ‘ਪਰਵਿੰਦਰ ਸਿੰਘ ਝੋਟਾ’ ਦੀ ਲੰਘੇ ਕੱਲ੍ਹ ਇਕ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸਦੇ ਚੱਲਦਿਆਂ ‘ਪਰਵਿੰਦਰ ਸਿੰਘ ਝੋਟਾ’ ਦੀ ਹੱਤਿਆ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ ਪੁਲਿਸ ਨੇ ਗਿ੍ਰਫਤਾਰ ਕਰ ਲਿਆ ਹੈ। ਪੁਲਿਸ ਸੂਤਰਾਂ ਦੇ ਮੁਤਾਬਕ ਦੋਸ਼ੀ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗਿ੍ਰਫਤਾਰ ਕੀਤਾ ਗਿਆ ਹੈ। ਇਸੇ ਦੌਰਾਨ ਮਾਨਸਾ ਪ੍ਰਸ਼ਾਸਨ ਨੇ ਦੋਸ਼ੀ ਅਸ਼ਵਨੀ ਕੁਮਾਰ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਹੈ ਅਤੇ ਇਹ ਸਾਰੀ ਕਾਰਵਾਈ ਪੁਲਿਸ ਫੋਰਸ ਦੀ ਨਿਗਰਾਨੀ ਵਿਚ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੁੱਸੇ ਵਿਚ ਆਏ ਲੋਕਾਂ ਨੇ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਦੀ ਭੰਨਤੋੜ ਕੀਤੀ ਅਤੇ ਬਾਅਦ ਵਿਚ ਦੁਕਾਨ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ‘ਪਰਵਿੰਦਰ ਸਿੰਘ ਝੋਟਾ’ ਦੇ ਪਰਿਵਾਰ ਦੀ ਮੰਗ ਹੈ ਕਿ ਇਸ ਸਾਰੇ ਮਾਮਲੇ ਦੀ ਜਾਂਚ ਸੀਬੀਆਈ ਕਰੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਆਪਣੇ-ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ। ਇਸੇ ਦੌਰਾਨ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਚੀਫ ਸੈਕਟਰੀ ਅਤੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਮੰਗਲਵਾਰ ਨੂੰ ਮਾਨਸਾ ਵਿਖੇ ਇਕ ਕੈਮਿਸਟ ਦੀ ਦੁਕਾਨ ’ਤੇ ਨਸ਼ਿਆਂ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਦੁਕਾਨ ਦੇ ਮਾਲਕ ਨੇ ‘ਪਰਵਿੰਦਰ ਸਿੰਘ ਝੋਟਾ’ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸੇ ਦੌਰਾਨ ਐਂਟੀ ਡਰੱਗ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਾਤਲ ਨੂੰ ਸਜ਼ਾਵਾਂ ਦਿਵਾਉਣ ਲਈ ਬਰਨਾਲਾ-ਸਿਰਸਾ ਮੁੱਖ ਸੜਕ ’ਤੇ ਲਗਾਏ ਗਏ ਧਰਨੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਸਿਆਸੀ ਪਾਰਟੀਆਂ ਦੇ ਨੇਤਾ ਅਤੇ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਵੀ ਪਹੁੰਚੇ ਹਨ।
ਪਰਵਿੰਦਰ ਸਿੰਘ ਦੀ ਹੱਤਿਆ ਦੇ ਵਿਰੋਧ ਵਿਚ ‘ਪੰਜਾਬ ਬੰਦ’ ਦਾ ਸ਼ੋ੍ਰਮਣੀ ਕਮੇਟੀ ਨੇ ਕੀਤਾ ਸਮਰਥਨ
ਭਲਕੇ 15 ਅਕਤੂਬਰ ਨੂੰ ਸ਼ੋ੍ਰਮਣੀ ਕਮੇਟੀ ਦੇ ਦਫਤਰ ਅਤੇ ਸਮੂਹ ਅਦਾਰੇ ਬੰਦ ਰੱਖਣ ਦਾ ਐਲਾਨ
ਅੰਮਿ੍ਰਤਸਰ/ਬਿਊਰੋ ਨਿਊਜ਼
ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦੇ ਹੋਏ ਕਤਲ ਦੇ ਵਿਰੋਧ ਵਿਚ ਭਲਕੇ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿਚ ਭਲਕੇ 15 ਅਕਤੂਬਰ ਨੂੰ ਸ਼ੋ੍ਰਮਣੀ ਕਮੇਟੀ ਦੇ ਦਫਤਰ ਅਤੇ ਸਮੁੱਚੇ ਅਦਾਰੇ ਬੰਦ ਰੱਖੇ ਜਾਣਗੇ। ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਸੰਘਰਸ਼ ਕਰ ਰਹੇ ਲੋਕਾਂ ਨਾਲ ਸ਼ੋ੍ਰਮਣੀ ਕਮੇਟੀ ਡੱਟ ਕੇ ਖੜ੍ਹੀ ਹੈ ਅਤੇ ਪਰਵਿੰਦਰ ਸਿੰਘ ਦੇ ਪਰਿਵਾਰ ਲਈ ਹਰ ਸੰਭਵ ਸਹਿਯੋਗ ਦੇਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਹੈ ਕਿ ਇਸ ਸਿੱਖ ਨੌਜਵਾਨ ਦੇ ਬੇਰਹਿਮੀ ਨਾਲ ਹੋਏ ਕਤਲ ਦੇ ਵਿਰੋਧ ਵਜੋਂ ਭਲਕੇ 15 ਅਕਤੂਬਰ ਨੂੰ ਸ਼ੋ੍ਰਮਣੀ ਕਮੇਟੀ ਦੇ ਦਫਤਰ ਅਤੇ ਸਾਰੇ ਅਦਾਰੇ ਬੰਦ ਰੱਖੇ ਜਾਣਗੇ। ਧਾਮੀ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਦੀ ਰਾਖੀ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ।

