
ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਜਾਂਚ ਵਿਚ ਸ਼ਾਮਲ ਹੋਏ ਘੁੰਮਣ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਅੱਜ ਸੋਮਵਾਰ ਨੂੰ ਨਿਰਧਾਰਤ ਸਮੇਂ ਅਨੁਸਾਰ ਦੁਪਹਿਰੇ 2 ਵਜੇ ਕੇਂਦਰੀ ਜਾਂਚ ਬਿਊਰੋ ਸੀਬੀਆਈ ਅੱਗੇ ਪੁੱਛਗਿੱਛ ਲਈ ਪੇਸ਼ ਹੋਏ। ਸੀਐਮ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਅੱਜ ਦੂਜੀ ਵਾਰ ਸੀਬੀਆਈ ਅੱਗੇ ਪੇਸ਼ ਹੋਏ ਹਨ। ਇਸ ਤੋਂ ਪਹਿਲਾਂ ਵੀ ਸੀਬੀਆਈ ਉਨ੍ਹਾਂ ਤੋਂ ਕਰੀਬ ਛੇ ਘੰਟੇ ਪੁੱਛਗਿੱਛ ਕਰ ਚੁੱਕੀ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਸੁਪਰੀਮ ਕੋਰਟ ਨੇ ਓਐਸਡੀ ਰਾਜਬੀਰ ਸਿੰਘ ਘੁੰਮਣ ਖਿਲਾਫ ਦਰਜ ਭਿ੍ਰਸ਼ਟਾਚਾਰ ਦੇ ਕੇਸ ਵਿਚ ਸੀਬੀਆਈ ਨੂੰ ਕੋਈ ਵੀ ਸਖਤ ਕਾਰਵਾਈ ਕਰਨ ਤੋਂ ਰੋਕਿਆ ਹੋਇਆ ਹੈ। ਹਾਲਾਂਕਿ, ਸੁਪਰੀਮ ਕੋਰਟ ਨੇ ਮਾਮਲੇ ਦੀ ਚੱਲ ਰਹੀ ਜਾਂਚ ਅਤੇ ਦਰਜ ਕੇਸ ’ਤੇ ਰੋਕ ਲਗਾਉਣ ਤੋਂ ਸਾਫ ਇਨਕਾਰ ਕਰ ਦਿੱਤਾ ਸੀ ਅਤੇ ਉਨ੍ਹਾਂ ਨੂੰ ਪੁੱਛਗਿੱਛ ਵਿਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਸਨ। ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੰਘੀ 5 ਅਕਤੂਬਰ ਨੂੰ ਇਸ ਭਿ੍ਰਸ਼ਟਾਚਾਰ ਦੇ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿਚ ਰਿਪੋਰਟ ਮੰਗੀ ਸੀ। ਇਸਦੇ ਵਿਰੋਧ ਵਿਚ ਪੰਜਾਬ ਸਰਕਾਰ ਨੇ ਲੰਘੀ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿਚ ਸਪੈਸ਼ਲ ਲੀਵ ਪਟੀਸ਼ਨ ਦਾਇਰ ਕਰ ਦਿੱਤੀ ਸੀ। ਓਐਸਡੀ ਰਾਜਬੀਰ ਸਿੰਘ ਘੁੰਮਣ ਖਿਲਾਫ ਤਬਾਦਲਿਆਂ, ਤੈਨਾਤੀਆਂ ਅਤੇ ਟੈਂਡਰਾਂ ਵਿਚ ਗੜਬੜ ਦੇ ਗੰਭੀਰ ਇਲਜ਼ਾਮ ਲੱਗੇ ਹਨ।

