
ਦੋਸਾਂਝ ਨੇ ‘ਪਰਵਿੰਦਰ ਸਿੰਘ ਝੋਟਾ’ ਦੇ ਪਰਿਵਾਰ ਲਈ ਇਨਸਾਫ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪਿਛਲੇ ਦਿਨੀਂ ਪੰਜਾਬ ਦੇ ਮਾਨਸਾ ਵਿਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁੰਨ ‘ਪਰਵਿੰਦਰ ਸਿੰਘ ਝੋਟਾ’ ਨੂੰ ਉਘੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ‘ਸ਼ਹੀਦ’ ਕਰਾਰ ਦਿੱਤਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਲਈ ਇਨਸਾਫ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਮਾਨਸਾ ਵਿਚ ਕੈਮਿਸਟ ਦੀਆਂ ਦੁਕਾਨਾਂ ਤੋਂ ਨਸ਼ੀਲੇ ਪਦਾਰਥਾਂ ਦੀ ਗੈਰਕਾਨੂੰਨੀ ਵਿਕਰੀ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਜਾਣੇ ਜਾਂਦੇ ਪਰਵਿੰਦਰ ਸਿੰਘ ਝੋਟਾ ਨੂੰ ਲੰਘੀ 13 ਅਕਤੂਬਰ ਨੂੰ ਇਕ ਭੀੜ-ਭੜੱਕੇ ਵਾਲੇ ਬਜ਼ਾਰ ਵਿਚ ਮੈਡੀਕਲ ਸਟੋਰ ਦੇ ਅੰਦਰ ਦਿਨ-ਦਿਹਾੜੇ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ। ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਅਤੇ ਸਮਾਜਿਕ ਕਾਰਜਕਰਤਾਵਾਂ ਨੂੰ ਮਿਲਾ ਕੇ ਬਣਾਈ ਗਈ ‘ਸਾਂਝੀ ਐਕਸ਼ਨ ਕਮੇਟੀ’ ਇਸ ਮਾਮਲੇ ਦੀ ਸੀਬੀਆਈ ਜਾਂਚ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੁਲਿਸ ਮੁਖੀ ਗੌਰਵ ਯਾਦਵ ਦੇ ਅਸਤੀਫੇ ਦੀ ਮੰਗ ਕਰ ਰਹੀ ਹੈ। ਇਸੇ ਦੌਰਾਨ ਪੰਜਾਬੀ ਗਾਇਕ ਬੱਬੂੁ ਮਾਨ ਨੇ ਵੀ ਮਾਨਸਾ ਵਿਚ ਲੱਗੇ ਧਰਨੇ ਵਿਚ ਸ਼ਮੂਲੀਅਤ ਕੀਤੀ ਹੈ। ਅਦਾਕਾਰਾ ਨੀਰੂ ਬਾਜਵਾ ਨੇ ਵੀ ਆਪਣੀ ਫਿਲਮ ‘ਥਾਪੀ’ ਦੀ ਪ੍ਰਦਰਸ਼ਨਕਾਰੀ ਫਿਲਹਾਲ ਰੋਕਣ ਦਾ ਫੈਸਲਾ ਕੀਤਾ ਹੈ। ਇਸੇ ਦੌਰਾਨ ਬਹੁਤ ਸਾਰੇ ਗਾਇਕਾਂ ਦਾ ਕਹਿਣਾ ਹੈ ਕਿ ਅਸੀਂ ਹਰ ਪੱਖੋਂ ਪੰਜਾਬ ਦੇ ਨਾਲ ਖੜ੍ਹੇ ਹਾਂ ਅਤੇ ਅੱਗੇ ਤੋਂ ਵੀ ਪੰਜਾਬ ਦੇ ਨਾਲ ਖੜ੍ਹੇ ਰਹਾਂਗੇ।

