
ਪਰਿਵਾਰ ਨੂੰ ਇਨਸਾਫ ਮਿਲਣ ਦੀ ਉਮੀਦ, ਸੀਬੀਆਈ ਜਾਂਚ ਦੀ ਮੰਗ ਮੁੜ ਦੁਹਰਾਈ
ਮਾਨਸਾ/ਬਿਊਰੋ ਨਿਊਜ਼
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੌਰੇ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ, ਜਿਨ੍ਹਾਂ ਨੂੰ ਪੰਜਾਬ ਵਿਚ ਵਧ ਰਹੇ ਨਸ਼ੇ ਦੇ ਕਾਰੋਬਾਰ ਖਿਲਾਫ ਆਵਾਜ਼ ਉਠਾਉਣ ਕਾਰਨ ਆਪਣੀਆਂ ਜਾਨਾਂ ਗੁਆਉਣੀਆਂ ਪਈਆਂ ਹਨ। ਇਸੇ ਦੌਰਾਨ ਅਮਿਤ ਸ਼ਾਹ ਭਲਕੇ 20 ਅਕਤੂਬਰ ਨੂੰ ਪੰਜਾਬ ਪਹੁੰਚਣਗੇ ਅਤੇ ਸਰਹੱਦੀ ਸੂਬੇ ਵਿਚ ਸਿੰਥੈਟਿਕ ਨਸ਼ਿਆਂ ਦੀ ਖੁੱਲ੍ਹੀ ਵਿਕਰੀ ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ, ਗੁਲਜ਼ਾਰ ਸਿੰਘ ਅਤੇ ਬਿਕਰਮਜੀਤ ਸਿੰਘ ਦੇ ਪਰਿਵਾਰਾਂ ਨੂੰ ਮਿਲਣ ਲਈ ਕ੍ਰਮਵਾਰ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਜਾਣਗੇ। ਅਮਿਤ ਸ਼ਾਹ ਨੇ ਕਿਹਾ ਕਿ ਨਸ਼ਿਆਂ ਦੇ ਇਸ ਕਾਲੇ ਕਾਰੋਬਾਰ ਖਿਲਾਫ ਉਠ ਰਹੀਆਂ ਆਵਾਜ਼ਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ ਅਤੇ ਪੰਜਾਬ ਦੇ ਲੋਕ ਇਸਦਾ ਮੂੰਹ ਤੋੜ ਜਵਾਬ ਦੇਣਗੇ। ਸ਼ਾਹ ਨੇ ਵਾਅਦਾ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟੇਗੀ ਅਤੇ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਿਆਂ ਦੇ ਇਸ ਕਾਲੇ ਕਾਰੋਬਾਰ ਤੋਂ ਮੁਕਤ ਕਰਨਾ ਯਕੀਨੀ ਬਣਾਏਗੀ। ਉਧਰ ਦੂਜੇ ਪਾਸੇ ਨਸ਼ਿਆਂ ਖਿਲਾਫ ਬਣੀ ‘ਸਾਂਝੀ ਐਕਸ਼ਨ ਕਮੇਟੀ’ ਨੇ ਅਮਿਤ ਸ਼ਾਹ ਦੀ ਫੇਰੀ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਇਸੇ ਦੌਰਾਨ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਜੇਕਰ ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਵਿਰੋਧ ਵਿਚ ਕੋਈ ਰੋਸ ਪ੍ਰਦਰਸ਼ਨ ਹੋਵੇਗਾ ਤਾਂ ਇਸ ਨੂੰ ਉਹ ਆਪਣਾ ਨਿੱਜੀ ਅਪਮਾਨ ਸਮਝਣਗੇ। ਇਸੇ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਮਿਲਣ ਦੀ ਉਮੀਦ ਹੈ ਅਤੇ ਪਰਿਵਾਰ ਨੇ ਸੀਬੀਆਈ ਜਾਂਚ ਦੀ ਮੰਗ ਮੁੜ ਦੁਹਰਾਈ ਹੈ।
‘ਪਰਵਿੰਦਰ ਸਿੰਘ’ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀਆਂ ਰਿਹਾਇਸ਼ਾਂ ’ਤੇ ਬਾਹਰ ਧਰਨੇ
ਮਾਨਸਾ/ਬਿਊਰੋ ਨਿਊਜ਼
ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ ਐਕਸ਼ਨ ਕਮੇਟੀ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ‘ਲਾਹਣਤ ਪੱਤਰ’ ਦੇ ਸੱਦੇ ਤੋਂ ਬਾਅਦ ਮਾਨਸਾ ਜ਼ਿਲ੍ਹੇ ਅਤੇ ਸੂਬੇ ਦੇ ਕਈ ਹੋਰ ਹਿੱਸਿਆਂ ਵਿਚ ‘ਆਪ’ ਵਿਧਾਇਕਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਤਣਾਅ ਵਾਲਾ ਮਾਹੌਲ ਬਣਿਆ ਰਿਹਾ। ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਤੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਦੀ ਕਥਿਤ ਚੁੱਪੀ ਲਈ ਉਨ੍ਹਾਂ ਨੂੰ ਜਵਾਬਦੇਹ ਬਣਾਉਣ ਵਾਸਤੇ ਇਹ ਵਿਰੋਧ ਮੁਹਿੰਮ ਅੱਜ ਦੁਪਹਿਰੇ 12 ਵਜੇ ਤੋਂ 3 ਵਜੇ ਤੱਕ ਉਲੀਕੀ ਗਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਮਾਨਸਾ ਦੇ ਵਿਧਾਇਕ ਵਿਜੇ ਸਿੰਗਲਾ ਦੀ ਰਿਹਾਇਸ਼ ਦੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਇਸੇ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਬਹਿਸ ਵੀ ਹੋ ਗਈ। ਤਲਵੰਡੀ ਸਾਬੋ ਤੋਂ ਵਿਧਾਇਕਾ ਬਲਜਿੰਦਰ ਕੌਰ ਦੀ ਰਿਹਾਇਸ਼ ਦੇ ਬਾਹਰ ਵੀ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਬਹਿਸ ਹੋਈ ਹੈ। ਇਸੇ ਤਰ੍ਹਾਂ ਹੋਰ ਵੀ ਕਈ ਵਿਧਾਇਕਾਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਬਹਿਸ ਦੀਆਂ ਖਬਰਾਂ ਆਈਆਂ ਹਨ।

