
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਕਾਰਕੁਨ ‘ਪਰਵਿੰਦਰ ਸਿੰਘ ਝੋਟਾ’ ਦੇ ਕਤਲ ਮਾਮਲੇ ਦੀ ਜਾਂਚ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੀਬੀਆਈ) ਨੂੰ ਸੌਂਪ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉਤੇ ਇਕ ਪੋਸਟ ਸਾਂਝੀ ਕਰਦਿਆਂ ਇਸ ਫੈਸਲੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸੀਬੀਆਈ ਨੂੰ ਸੌਂਪਣ ਦਾ ਫੈਸਲਾ ਪਰਿਵਾਰ ਦੀ ਮੰਗ ਦੇ ਮੱਦੇਨਜ਼ਰ ਲਿਆ ਗਿਆ ਹੈ। ਸੀਐਮ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਰਕਾਰ ਦੀ ਲੜਾਈ ਸਮਝੌਤੇ ਤੋਂ ਬਿਨਾ ਜਾਰੀ ਰਹੇਗੀ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕਿਸੇ ਵੀ ਸਖਤ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ। ਜ਼ਿਕਰਯੋਗ ਹੈ ਕਿ ਲੰਘੀ 13 ਅਕਤੂਬਰ ਨੂੰ ਮਾਨਸਾ ਵਿਚ ਇਕ ਕੈਮਿਸਟ ਦੀ ਦੁਕਾਨ ਦੇ ਮਾਲਕ ਅਸ਼ਵਨੀ ਕੁਮਾਰ ਨੇ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਕਤਲ ਦੇ ਖਿਲਾਫ ਲੰਘੀ 15 ਅਕਤੂਬਰ ਨੂੰ ਪੰਜਾਬ ਪੂਰਨ ’ਤੇ ਬੰਦ ਵੀ ਰਿਹਾ ਸੀ।

