
ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ ਅਤੇ ਇਨਸਾਫ ਦਾ ਦਿੱਤਾ ਭਰੋਸਾ
ਮਾਨਸਾ/ਬਿਊਰੋ ਨਿਊਜ਼
ਮਾਨਸਾ ’ਚ ਨਸ਼ਾ ਵਿਰੋਧੀ ਕਾਰਕੁਨ ‘ਪਰਵਿੰਦਰ ਸਿੰਘ ਝੋਟਾ’ ਦੀ ਪਿਛਲੇ ਦਿਨੀਂ ਇਕ ਮੈਡੀਕਲ ਸਟੋਰ ਦੇ ਮਾਲਕ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ‘ਪਰਵਿੰਦਰ ਸਿੰਘ ਝੋਟਾ’ ਦੇ ਪਰਿਵਾਰ ਨੂੰ ਮਿਲਣ ਲਈ ਉਨ੍ਹਾਂ ਦੇ ਮਾਨਸਾ ਸਥਿਤ ਘਰ ਪਹੁੰਚੇ। ਇਸ ਮੌਕੇ ਅਮਿਤ ਸ਼ਾਹ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਸ ਮਾਮਲੇ ਵਿਚ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਪਹਿਲਾਂ ਅਮਿਤ ਸ਼ਾਹ ਗੁਰਦਾਸਪੁਰ ਦੇ ਬਟਾਲਾ ਅਧੀਨ ਪੈਂਦੇ ਪਿੰਡ ਮਾੜੀ ਪੰਨਵਾਂ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ ਗਈ। ਮੀਡੀਆ ਰਿਪੋਰਟਾਂ ਅਨੁਸਾਰ ਬਿਕਰਮਜੀਤ ਸਿੰਘ ਦੀ ਵੀ ਨਸ਼ਿਆਂ ਦਾ ਵਿਰੋਧ ਕਰਨ ਕਰਕੇ ਹੱਤਿਆ ਕਰ ਦਿੱਤੀ ਗਈ ਸੀ। ਇਸੇ ਦੌਰਾਨ ਕੇਂਦਰੀ ਮੰਤਰੀ ਅਮਿਤ ਸ਼ਾਹ ਸੰਗਰੂਰ ਦੇ ਪਿੰਡ ਤੂਰ ਬਨਜਾਰਾ ਵਿਖੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਵੀ ਮਿਲੇ। ਜ਼ਿਕਰਯੋਗ ਹੈ ਕਿ ਗੁਲਜ਼ਾਰ ਸਿੰਘ ਨੇ ਲੰਘੀ 7 ਸਤੰਬਰ ਨੂੰ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ ਸੀ। ਉਨ੍ਹਾਂ ਦੇ ਪਰਿਵਾਰ ਨੇ ਇਲਜ਼ਾਮ ਲਗਾਇਆ ਸੀ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪਣੇ ਇਲਾਕੇ ਵਿਚ ਨਸ਼ਿਆਂ ਦੀ ਸਪਲਾਈ ਬਾਰੇ ਸਵਾਲ ਕਰਨ ਤੋਂ ਬਾਅਦ ਗੁਲਜ਼ਾਰ ਸਿੰਘ ਨੂੰ ਤੰਗ ਪਰੇਸ਼ਨ ਕੀਤਾ ਗਿਆ ਸੀ ਅਤੇ ਜਾਤੀ ਸੂਚਕ ਸ਼ਬਦ ਵਰਤੇ ਗਏ ਸਨ। ਜਿਸ ਤੋਂ ਬਾਅਦ ਉਸ ਨੇ ਜ਼ਹਿਰ ਨਿਗਲ ਲਿਆ ਸੀ। ਇਨ੍ਹਾਂ ਸਾਰੇ ਮਾਮਲਿਆਂ ਵਿਚ ਅਮਿਤ ਸ਼ਾਹ ਨੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦਿਵਾਇਆ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਸਵਾਲ ਚੁੱਕੇ ਹਨ।

