
ਵਿਰੋਧੀ ਧਿਰ ਕਾਂਗਰਸ ਨੇ ਸੂਬਾ ਸਰਕਾਰ ਨੂੰ ਘੇਰਨ ਦੀ ਕੀਤੀ ਤਿਆਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਭਲਕੇ 22 ਅਕਤੂਬਰ ਦਿਨ ਵੀਰਵਾਰ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਇਹ ਇਜਲਾਸ 27 ਅਕਤੂਬਰ ਤੱਕ ਚੱਲੇਗਾ। ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਅਤੇ ਗੈਰ-ਸਰਕਾਰੀ ਕੰਮਕਾਜ ਨਿਪਟਾਇਆ ਜਾਵੇਗਾ। ਇਜਲਾਸ ਦੇ ਦੌਰਾਨ ਸਰਕਾਰੀ ਕਰਮਚਾਰੀਆਂ ਦੀ ਹੜਤਾਲ ਅਤੇ ਬੇਅਦਬੀ ਸਬੰਧੀ ਕਾਨੂੰਨ ਨਾਲ ਜੁੜੀਆਂ ਸੋਧਾਂ ਨੂੰ ਲੈ ਕੇ ਵਿਰੋਧੀ ਧਿਰ ਵਲੋਂ ਹੰਗਾਮੇ ਦੇ ਅਸਾਰ ਹਨ। ਇਸ ਇਜਲਾਸ ਦੌਰਾਨ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਇਸਦੇ ਨਾਲ ਹੀ ਅਮਰੀਕਾ ਨਾਲ ਵਪਾਰਕ ਸਮਝੌਤੇ ਦੇ ਵਿਰੋਧ ਵਿਚ ਮਤਾ ਲਿਆਂਦੇ ਜਾਣ ਦੀ ਸੰਭਾਵਨਾ ਹੈ। ਸਰਕਾਰ ਨੇ ਇਸ ਮੁੱਦੇ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਕਰਨ ਦਾ ਵਾਅਦਾ ਕੀਤਾ ਹੈ। ਇਸਦੇ ਚੱਲਦਿਆਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਹੰਗਾਮਿਆਂ ਭਰਪੂਰ ਰਹਿਣ ਦਾ ਅਨੁਮਾਨ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ ਅਤੇ ‘ਆਪ’ ਨੂੰ ਦੱਸਿਆ ਇੱਕ ਸਿੱਕੇ ਦੇ ਹੀ ਦੋ ਪਹਿਲੂ
ਪੰਜਾਬ ’ਚ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ ਅਤੇ ਸੀਐਮ ਮਾਨ ਦਾ ਮੰਗਿਆ ਅਸਤੀਫਾ
ਬਠਿੰਡਾ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਮਾਨਸਾ ਵਿਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਦਾ ਮਾਮਲਾ ਵਿਧਾਨ ਸਭਾ ਦੇ ਇਜਲਾਸ ਵਿਚ ਵੀ ਉਠਾਵਾਂਗੇ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁਦ ਹੀ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਵੀ ਅਸੀਂ ਸੀਐਮ ਦੇ ਅਸਤੀਫੇ ਦੀ ਮੰਗ ਕਰਾਂਗੇ। ਇਹ ਗੱਲਾਂ ਬਠਿੰਡਾ ਵਿਚ ਪ੍ਰੈਸ ਕਾਨਫਰੰਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਹੀਆਂ ਹਨ। ਬਾਜਵਾ ਨੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ’ਤੇ ਸਵਾਲ ਚੁੱਕਦਿਆਂ ਇਨ੍ਹਾਂ ਦੋਵੇਂ ਪਾਰਟੀਆਂ ਨੂੰ ਇਕ ਸਿੱਕੇ ਦੇ ਦੋ ਪਹਿਲੂ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਨਸ਼ਿਆਂ ਦੇ ਮਾਮਲੇ ’ਤੇ ਰਾਜਨੀਤੀ ਕਰ ਰਹੀਆਂ ਹਨ। ਉਨ੍ਹਾਂ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਸੂਬੇ ਨੂੰ ਬਚਾਉਣਾ ਹੈ ਤਾਂ ਅਗਾਮੀ ਪੰਜਾਬ ਚੋਣਾਂ ’ਚ ਚੰਗੇ ਲੋਕਾਂ ਨੂੰ ਜਿਤਾਓ। ਉਨ੍ਹਾਂ ਕਿਹਾ ਕਿ ਲੰਘੇ ਸਾਢੇ ਚਾਰ ਸਾਲਾਂ ਵਿਚ ਪੰਜਾਬ ਵਿਚ ਨਸ਼ਿਆਂ ਕਾਰਨ ਕਈ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ ਅਤੇ ਇਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਨੂੰ ਲੈਣੀ ਚਾਹੀਦੀ ਹੈ।

