
ਅਮਿਤ ਸ਼ਾਹ ਨੇ ਕਿਹਾ : 2027 ਵਿਚ ਪੰਜਾਬ ’ਚ ਬਣੇਗੀ ਐਨ.ਡੀ.ਏ. ਦੀ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਦੇ ਗ੍ਰਹਿ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਮਿਤ ਸ਼ਾਹ ਨੇ ਪੰਜਾਬ ਦੌਰੇ ਤੋਂ ਬਾਅਦ ਦਿੱਲੀ ਵਿਚ ਵੱਡਾ ਦਾਅਵਾ ਕਰ ਦਿੱਤਾ ਹੈ। ਦਿੱਲੀ ਵਿਚ ਇਕ ਸਮਾਗਮ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿਚ ਐਨ.ਡੀ.ਏ. ਦੀ ਸਰਕਾਰ ਬਣੇਗੀ। ਅਮਿਤ ਸ਼ਾਹ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਚੋਣ ਗਠਜੋੜ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਸ਼ਾਹ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਨੂੰ ਕੰਮ ਨਹੀਂ ਕਰਨ ਦੇ ਰਹੇ। ਉਨ੍ਹਾਂ ਨੇ ਫਿਰ ਕਿਹਾ ਕਿ ਪੰਜਾਬ ਵਿਚ ਐਨ.ਡੀ.ਏ. ਦੀ ਸਰਕਾਰ ਬਣੇਗੀ ਅਤੇ 2029 ਤੱਕ ਸੂਬੇ ਵਿਚੋਂ ਨਸ਼ੇ ਦਾ ਕਾਰੋਬਾਰ ਖਤਮ ਕਰ ਦਿਆਂਗੇ। ਅਮਿਤ ਸ਼ਾਹ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਸਿਆਸੀ ਜੜ੍ਹਾਂ ਪੁੱਟ ਦੇਣਗੇ। ਜ਼ਿਕਰਯੋਗ ਹੈ ਕਿ ਅਗਲੇ ਸਾਲ 2027 ਦੇ ਫਰਵਰੀ ਮਹੀਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹੋ ਸਕਦੀਆਂ ਹਨ।

