5.9 C
Toronto
Friday, October 23, 2026
spot_img
HomeਕੈਨੇਡਾFrontਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ...

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ
ਪਿਛਲੇ 72 ਘੰਟਿਆਂ ਦੌਰਾਨ ਝੋਨੇ ਦੀ ਚੁਕਾਈ ਨੇ 83 ਫ਼ੀਸਦ ਦੇ ਅੰਕੜੇ ਨੂੰ ਛੂਹਿਆ
ਚੰਡੀਗੜ੍ਹ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਹਰੇਕ ਖਰੀਦ ਸੀਜ਼ਨ ਦੌਰਾਨ ਖਰੀਦੀ ਗਈ ਫਸਲ ਦੇ ਬਦਲੇ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ ਤੁਰੰਤ ਭੁਗਤਾਨ ਕਰਨਾ ਯਕੀਨੀ ਬਣਾਉਂਦੀ ਹੈ।

ਇਹ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਹੁਣ ਤੱਕ 2,92,814 ਕਿਸਾਨਾਂ ਦੀ ਫਸਲ ਖਰੀਦੀ ਗਈ ਹੈ ਅਤੇ ਉਨ੍ਹਾਂ ਦੇ ਖਾਤਿਆਂ ਵਿੱਚ 11,767.46 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।

ਅੱਜ ਇੱਥੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ ਇੱਕ ਮੀਟਿੰਗ ਦੌਰਾਨ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ, ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਿਛਲੇ 72 ਘੰਟਿਆਂ ਦੌਰਾਨ ਅਨਾਜ ਦੀ ਚੁਕਾਈ ਦੀ ਦਰ 83 ਫ਼ੀਸਦ ਰਹੀ ਹੈ। ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਬੀਤੀ ਸ਼ਾਮ ਤੱਕ, ਸੂਬੇ ਦੀਆਂ ਮੰਡੀਆਂ ਵਿੱਚ ਕੁੱਲ 56.08 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 54.61 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 34.28 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ।

ਕਿਸਾਨਾਂ ਵੱਲੋਂ ਆਪਣੇ ਖੂਨ-ਪਸੀਨੇ ਨਾਲ ਪੈਦਾ ਕੀਤੀ ਗਈ ਫਸਲ ਦੇ ਹਰ ਦਾਣੇ ਨੂੰ ਖਰੀਦਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ.) ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਕੋਈ ਵੀ ਫਰਜ਼ੀ ਖਰੀਦ ਨਾ ਹੋਣ ਦਿੱਤੀ ਜਾਵੇ ਅਤੇ ਬਾਹਰਲੇ ਸੂਬਿਆਂ ਵਿੱਚੋਂ ਫਸਲ ਸੂਬੇ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ।

ਇਸ ਮੌਕੇ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਰਾਸ਼ਨ ਕਿੱਟਾਂ ਦੀ ਵੰਡ ਵਿੱਚ ਪੂਰੀ ਪਾਰਦਰਸ਼ਿਤਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਦੂਜੀ ਤਿਮਾਹੀ ਦੌਰਾਨ ਹੁਣ ਤੱਕ ਕੁੱਲ 29 ਲੱਖ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਮੰਤਰੀ ਨੇ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਿਸ਼ੇਸ਼ ਸਕੱਤਰ ਕਮਲ ਕੁਮਾਰ ਗਰਗ, ਪਨਸਪ ਦੇ ਐਮ.ਡੀ. ਬੀ. ਸ੍ਰੀਨਿਵਾਸਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਜਨਰਲ ਮੈਨੇਜਰ (ਵਿੱਤ) ਸਰਵੇਸ਼ ਕੁਮਾਰ ਸ਼ਾਮਿਲ ਸਨ।

RELATED ARTICLES
POPULAR POSTS