
ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਸਰਕਾਰ ’ਤੇ ਕੀਤੇ ਤਿੱਖੇ ਸਿਆਸੀ ਹਮਲੇ
ਚੰਡੀਗੜ੍ਹ/ਬਿਊਰੋ ਨਿਊਜ਼
ਮਾਨਸਾ ਵਿਚ ‘ਪਰਵਿੰਦਰ ਸਿੰਘ ਝੋਟਾ’ ਦੀ ਹੋਈ ਹੱਤਿਆ ਦੇ ਮਾਮਲੇ ’ਚ ਅੱਜ ਅਕਾਲੀ ਦਲ ਦਾ ਇਕ ਵਫਦ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ ਹੈ। ਚੰਡੀਗੜ੍ਹ ’ਚ ਰਾਜਪਾਲ ਨਾਲ ਮੁਲਾਕਾਤ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਜੋ ਪੰਜਾਬ ਦੇ ਹਾਲਾਤ ਅੱਜ ਬਣੇ ਹੋਏ ਹਨ, ਉਸ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨਾਲ ਅਕਾਲੀ ਦਲ ਦੇ ਵਫਦ ਨੇ ਮੁਲਾਕਾਤ ਕੀਤੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ ਅਤੇ ਡਰੱਗ ਮਾਫੀਆ ਸਰਕਾਰ ਚਲਾ ਰਿਹਾ ਹੈ, ਜਿਸ ਦੀ ਸਭ ਤੋਂ ਵੱਡੀ ਉਦਾਹਰਣ ਪਰਵਿੰਦਰ ਸਿੰਘ ਝੋਟਾ ਦੀ ਮਿਲਦੀ ਹੈ। ਉਹਨਾਂ ਕਿਹਾ ਕਿ ਨਸ਼ੇ ਖਿਲਾਫ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਡਰੱਗ ਵੇਚਣ ਵਾਲੇ ਨੇ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਵਲੋਂ ਰਾਜਪਾਲ ਨੂੰ ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਜਾਣੂੰ ਕਰਵਾਇਆ ਗਿਆ। ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵੀ ਕੀਤੀ ਗਈ।

