
250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਇਸਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਸਬੰਧੀ ਕਰਵਾਏ ਗਏ ਸਰਵੇ ’ਤੇ ਖਰਚ ਹੋਏ 250 ਕਰੋੜ ਰੁਪਏ ਦਾ ਹਿਸਾਬ ਮੰਗਿਆ ਹੈ। ਜਾਖੜ ਨੇ ਸੂਬਾ ਸਰਕਾਰ ਨੂੰ ਪੁੱਛਿਆ ਕਿ ਇਸ ਸਰਵੇ ਦਾ ਨਤੀਜਾ ਕੀ ਨਿਕਲਿਆ ਹੈ ਅਤੇ ਇਸ ਨਾਲ ਪੰਜਾਬ ਨੂੰ ਕੀ ਫਾਇਦਾ ਹੋਇਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਨਸ਼ਿਆਂ ਦੀ ਸਪਲਾਈ ਨੂੰ ਲੈ ਕੇ ਵੀ ਕਈ ਸਵਾਲ ਖੜ੍ਹੇ ਕੀਤੇ ਹਨ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ 65 ਲੱਖ ਪਰਿਵਾਰਾਂ ਨਾਲ ਸਬੰਧਤ ਸਰਵੇ ਕਰਵਾਉਣ ’ਤੇ ਕਥਿਤ ਤੌਰ ’ਤੇ 250 ਕਰੋੜ ਰੁਪਏ ਖਰਚ ਕੀਤੇ ਗਏ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਇੰਨੀ ਵੱਡੀ ਰਕਮ ਖਰਚ ਕੀਤੀ ਗਈ ਤਾਂ ਸਰਕਾਰ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਨਸ਼ਿਆਂ ਨੂੰ ਖਤਮ ਕਰਨ ਲਈ ਕੀ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਰਵੇ ਦੇ ਨਤੀਜੇ ਸਾਰਥਿਕ ਹੋਣੇ ਚਾਹੀਦੇ ਹਨ।

