
ਰਾਹੁਲ ਗਾਂਧੀ ਰੈਲੀ ’ਚ ਹੋਣਗੇ ਸ਼ਾਮਲ – ਕੇ.ਸੀ. ਵੇਣੂਗੋਪਾਲ ਤੇ ਸਚਿਨ ਪਾਇਲਟ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵਲੋਂ ਆਉਂਦੀ 4 ਨਵੰਬਰ ਨੂੰ ਸੰਗਰੂਰ ਵਿਚ ਇਕ ਵਿਸ਼ਾਲ ‘ਹਿਸਾਬ ਮੰਗੋ’ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਪਾਰਟੀ ਆਗੂ ਰਾਹੁਲ ਗਾਂਧੀ ਸ਼ਾਮਲ ਹੋ ਰਹੇ ਹਨ। ਇਸ ਰੈਲੀ ਨਾਲ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ। ਪਾਰਟੀ ਆਗੂਆਂ ਕੇ.ਸੀ. ਵੇਣੂਗੋਪਾਲ ਅਤੇ ਸਚਿਨ ਪਾਇਲਟ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਇਨ੍ਹਾਂ ਕਾਂਗਰਸੀ ਆਗੂਆਂ ਨੇ ਪੰਜਾਬ ’ਚ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ। ਇਨ੍ਹਾਂ ਆਗੂਆਂ ਨੇ ਦਾਅਵੇ ਨਾਲ ਕਿਹਾ ਕਿ, ਪੰਜਾਬ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ। ਉਨ੍ਹਾਂ ਕਿਹਾ ਕਿ ਪਾਰਟੀ ਆਗੂ ਰਾਹੁਲ ਗਾਂਧੀ ਦਾ ਪੰਜਾਬ ਦੀ ਜਨਤਾ ਨਾਲ ਬਹੁਤ ਵਧੀਆ ਸੰਪਰਕ ਹੈ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਕਿਹਾ ਕਿ ਪੰਜਾਬ ਚੋਣਾਂ ਲਈ ਕਾਂਗਰਸ ਪਾਰਟੀ ਇਕਜੁੱਟ ਹੈ ਅਤੇ ਅਸੀਂ ਜ਼ਰੂਰ ਜਿੱਤ ਹਾਸਲ ਕਰਾਂਗੇ। ਜ਼ਿਕਰਯੋਗ ਹੈ ਕਿ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

