
ਚੰਡੀਗੜ੍ਹ/ਬਿਊਰੋ ਨਿਊਜ਼
ਮਾਨਸਾ ਵਿਚ ਨਸ਼ਾ ਵਿਰੋਧੀ ਕਾਰਕੁਨ ‘ਪਰਵਿੰਦਰ ਸਿੰਘ ਝੋਟਾ’ ਦੀ ਹੱਤਿਆ ਦੇ ਵਿਰੋਧ ਵਿਚ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਨੇ ਪੀੜਤ ਪਰਿਵਾਰ ਅਤੇ ਐਕਸ਼ਨ ਕਮੇਟੀ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨ ਲਈਆਂ ਹਨ। ਹੁਣ ਪਰਿਵਾਰ ਨੇ ਹੀ ਤੈਅ ਕਰਨਾ ਹੈ ਕਿ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਕਦੋਂ ਕਰਨਾ ਹੈ। ਇਸ ਮਾਮਲੇ ਵਿਚ ਸੀ.ਬੀ.ਆਈ. ਵਲੋਂ ਵੀ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਅੱਜ ਸੋਮਵਾਰ ਸਵੇਰੇ ਵੀ ਸੀਬੀਆਈ ਦੀ ਟੀਮ ਨੇ ਮਾਨਸਾ ਵਿਚ ਦੋ ਮੈਡੀਕਲ ਸਟੋਰਾਂ ਦੇ ਗੋਦਾਮਾਂ ਵਿਚ ਰੇਡ ਕੀਤੀ ਹੈ। ਸੀਬੀਆਈ ਦੀ ਟੀਮ ਲੰਘੀ 20 ਅਕਤੂਬਰ ਨੂੰ ਦੇਰ ਰਾਤ ਕਰੀਬ 12 ਵਜੇ ਮਾਨਸਾ ਪਹੁੰਚੀ ਸੀ ਅਤੇ ਉਦੋਂ ਤੋਂ ਹੀ ਇਹ ਟੀਮ ਲਗਾਤਾਰ ਜਾਂਚ ਕਰ ਰਹੀ ਹੈ। ਉਧਰ ਦੂਜੇ ਪਾਸੇ ਪੰਜਾਬ ਦੇ ਸਾਰੇ ਹੋਲਸੇਲਰ ਅਤੇ ਰਿਟੇਲਰ ਕੈਮਿਸਟਾਂ ਨੇ ਤਿੰਨ ਤਰ੍ਹਾਂ ਦੀਆਂ ਦਵਾਈਆਂ ਦੀ ਵਿਕਰੀ ਬੰਦ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿਚ ਟ੍ਰਾਮਾਡੋਲ, ਪ੍ਰੈਗਾਬਾਲਿਨ ਅਤੇ ਸਾਰੇ ਤਰ੍ਹਾਂ ਦੀਆਂ ਸਾਈਕੋਟ੍ਰੋਪਿਕ ਤੇ ਨਾਰਕੋਟਿਕ ਦਵਾਈਆਂ ਸ਼ਾਮਲ ਹਨ।
‘ਪਰਵਿੰਦਰ ਸਿੰਘ ਝੋਟਾ’ ਕਤਲ ਮਾਮਲੇ ’ਚ ਹੋ ਰਿਹਾ ਵਿਰੋਧ ਪ੍ਰਦਰਸ਼ਨ 14ਵੇਂ ਦਿਨ ’ਚ ਦਾਖਲ
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ
ਮਾਨਸਾ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਨਸ਼ਾ ਵਿਰੋਧੀ ਕਾਰਕੁਨ ‘ਪਰਵਿੰਦਰ ਸਿੰਘ ਝੋਟਾ’ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ। ਸੁਖਬੀਰ ਬਾਦਲ ਨੇ ਪੀੜਤ ਪਰਿਵਾਰ ਨੂੰ ਪੂਰਾ ਸਾਥ ਦੇਣ ਦਾ ਭਰੋਸਾ ਦਿੱਤਾ ਅਤੇ ਨਸ਼ਆਂ ਦੇ ਕੋਹੜ ਨਾਲ ਨਜਿੱਠਣ ਲਈ ਸਖਤ ਕਾਨੂੰਨ ਬਣਾਉਣ ਦੇ ਨਾਲ-ਨਾਲ ਨਸ਼ਾ ਤਸਕਰਾਂ ਦੀ ਸਾਰੀ ਜਾਇਦਾਦ ਜ਼ਬਤ ਕਰਨ ਦੀ ਮੰਗ ਕੀਤੀ ਹੈ। ਇਸੇ ਦੌਰਾਨ ਮਾਨਸਾ ਦੇ ਕੁਝ ਦੁਕਾਨਦਾਰਾਂ ਨੇ ਬਜ਼ਾਰ ਨੂੰ ਜਾਂਦੀ ਸੜਕ ਖੋਲ੍ਹਣ ਦੀ ਮੰਗ ਨੂੰ ਲੈ ਕੇ ‘ਐਕਸ਼ਨ ਕਮੇਟੀ’ ਨਾਲ ਮੁਲਾਕਾਤ ਕਰਨ ਦਾ ਫੈਸਲਾ ਲਿਆ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਲੰਮੇ ਸਮੇਂ ਤੋਂ ਚੱਲ ਰਹੇ ਧਰਨੇ ਕਾਰਨ ਉਨ੍ਹਾਂ ਦਾ ਕਾਰੋਬਾਰ ਪ੍ਰਭਾਵਿਤ ਹੋਇਆ ਹੈ। ਜ਼ਿਕਰਯੋਗ ਹੈ ਕਿ ਲੰਘੀ 13 ਅਕਤੂਬਰ ਨੂੰ ਮਾਨਸਾ ਵਿਚ ਇਕ ਮੈਡੀਕਲ ਸਟੋਰ ਦੇ ਮਾਲਕ ਨੇ ਦੁਕਾਨ ਵਿਚ ਹੀ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਰੋਸ ਪ੍ਰਦਰਸ਼ਨ ਅੱਜ 14ਵੇਂ ਦਿਨ ਵੀ ਜਾਰੀ ਰਿਹਾ ਹੈ। ਪੀੜਤ ਪਰਿਵਾਰ ਅਤੇ ਐਕਸ਼ਨ ਕਮੇਟੀ ਦੀ ਮੰਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਆਪਣੇ-ਆਪਣੇ ਅਹੁਦੇ ਤੋਂ ਅਸਤੀਫਾ ਦੇਣਾ। ਇਹ ਵੀ ਦੱਸਣਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦਾ ਅਜੇ ਤੱਕ ਅੰਤਿਮ ਸਸਕਾਰ ਵੀ ਨਹੀਂ ਕੀਤਾ ਗਿਆ ਹੈ।

