17.4 C
Toronto
Thursday, October 29, 2026
spot_img
Homeਪੰਜਾਬਖ਼ਬਰ ਦਾ ਵਿਸ਼ਲੇਸ਼ਣ :ਲਗਾਤਾਰ ਖਰਾਬ ਹੋ ਰਹੇ ਹਨ ਪੰਜਾਬ ਦੇ ਹਾਲਾਤ

ਖ਼ਬਰ ਦਾ ਵਿਸ਼ਲੇਸ਼ਣ :ਲਗਾਤਾਰ ਖਰਾਬ ਹੋ ਰਹੇ ਹਨ ਪੰਜਾਬ ਦੇ ਹਾਲਾਤ

ਕੋਈ ਦਿਨ ਨਹੀਂ ਜਦੋਂ ਕ੍ਰਾਈਮ ਦੀ ਖਬਰ ਨਾ ਆਵੇ

ਪੁਲਿਸ ਤੇ ਪ੍ਰਸ਼ਾਸਨ ਤੇ ਉੱਠ ਰਹੇ ਨੇ ਵੱਡੇ ਸਵਾਲ

ਚੰਡੀਗੜ੍ਹ, 28 ਅਕਤੂਬਰ, 2026। ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਜਾ ਰਹੇ ਹਨ, ਹਰ ਰੋਜ਼ ਸੂਬੇ ਦੇ ਕਿਸੇ ਨਾ ਕਿਸੇ ਹਿੱਸੇ ਤੋਂ ਕ੍ਰਾਈਮ ਦੀ ਘਟਨਾ ਦੀ ਸੂਚਨਾ ਆ ਜਾਂਦੀ ਹੈ ਤੇ ਪੁਲਿਸ ਲਗ ਜਾਂਦੀ ਹੈ ਆਪਣੇ ਕੰਮ ਵਿੱਚ। ਤਾਜ਼ਾ ਘਟਨਾਵਾਂ ਦਾ ਜ਼ਿਕਰ ਕੁੱਝ ਇਸ ਤਰ੍ਹਾਂ ਕੀਤਾ ਜਾ ਸਕਦਾ ਹੈ।

ਸਰਦੂਲਗੜ੍ਹ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ ਦੀ ਰਹੱਸਮਈ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਉਸ ਦੇ ਪਰਿਵਾਰਕ ਮੈਂਬਰ ਅਤੇ ਸਮਰਥਕ ਉਸ ਦੀ ਲਾਸ਼ ਨੂੰ ਮਾਨਸਾ ਦੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਨੇੜੇ ਉਸ ਧਰਨੇ ਵਾਲੀ ਥਾਂ ‘ਤੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਸਨ, ਜਿੱਥੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਪਹਿਲਾਂ ਹੀ ਸੰਘਰਸ਼ ਚੱਲ ਰਿਹਾ ਹੈ। ਇਸੇ ਦੌਰਾਨ ਮੰਗਲਵਾਰ ਨੂੰ ਪੁਲਿਸ ਨੇ ਕਥਿਤ ਤੌਰ ‘ਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਭਰ ਵਿੱਚ 48 ਥਾਵਾਂ ‘ਤੇ  ਪ੍ਰਦਰਸ਼ਨ ਜਾਰੀ ਹੈ।

ਇਸ ਦੌਰਾਨ ਲੁਧਿਆਣਾ (ਦਿਹਾਤੀ) ਜ਼ਿਲ੍ਹੇ ਵਿੱਚ ਗੁਰੂਘਰਾਂ ਨੂੰ ਨਿਸ਼ਾਨਾ ਬਣਾਉਣ ਦੀ ਦੂਜੀ ਘਟਨਾ ਵੀ ਵਾਪਰ ਗਈ। ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਵਿੱਚ ਫਾਂਸੀ ਦੀ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੇ ਜੱਦੀ ਪਿੰਡ ਰਾਜੋਆਣਾ ਖ਼ੁਰਦ ਦੇ ਨੇੜਲੇ ਪਿੰਡ ਰਾਜੋਆਣਾ ਕਲਾਂ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿੱਚ ਤੜਕਸਾਰ ਗੋਲ਼ੀਬਾਰੀ ਦੀ ਘਟਨਾ ਕਾਰਨ ਇਲਾਕੇ ਵਿੱਚ ਖ਼ੌਫ਼ ਦਾ ਮਹੌਲ ਬਣ ਗਿਆ ਹੈ। ਵੇਰਵਿਆਂ ਅਨੁਸਾਰ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਵਿਅਕਤੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਨੂੰ ਨਿਸ਼ਾਨਾ ਬਣਾ ਕੇ ਗੋਲੀ ਚਲਾਉਣ ਉਪਰੰਤ ਫ਼ਰਾਰ ਹੋ ਗਏ।

ਚਸ਼ਮਦੀਦ ਮੁੱਖ ਗ੍ਰੰਥੀ ਬਾਬਾ ਕੁਲਵੰਤ ਸਿੰਘ ਅਨੁਸਾਰ ਘਟਨਾ ਤੜਕੇ ਕਰੀਬ 3:10 ਵਜੇ ਦੀ ਹੈ, ਹਮਲਾਵਰ ਕੁਝ ਅਜੀਬ ਢੰਗ ਦੀ ਪੰਜਾਬੀ ਬੋਲਦੇ ਸਨ। ਗੋਲੀ ਚਲਾਉਣ ਬਾਅਦ ਉਹ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ਉਪਰੰਤ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਪੁਲੀਸ ਅਧਿਕਾਰੀ ਘਟਨਾ ਸਥਾਨ ‘ਤੇ ਪਹੁੰਚ ਗਏ ਹਨ।  ਜਿਨ੍ਹਾਂ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਡਾ. ਅੰਕੁਰ ਗੁਪਤਾ, ਪੁਲੀਸ ਕਪਤਾਨ (ਜਾਂਚ) ਸੰਜੀਵ ਕੁਮਾਰ, ਪੁਲੀਸ ਅਧਿਕਾਰੀਆਂ ਨੇ ਹਾਲੇ ਤੱਕ ਕੁਝ ਵੀ ਕਹਿਣ ਤੋਂ ਸੰਕੋਚ ਕੀਤਾ ਅਤੇ ਜਲਦ ਇਸ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਗੱਲ ਆਖੀ ਹੈ।

ਓਧਰ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਚੱਲ ਰਹੇ ਮੋਰਚੇ ਦੌਰਾਨ ਲੱਖਾ ਸਿਧਾਣਾ ਅਤੇ ਹੋਰਨਾਂ ਨੂੰ ਪੰਜਾਬ ਪੁਲੀਸ ਵੱਲੋਂ ਜਬਰੀ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਸਮੂਹ ਵਰਕਰਾਂ ਨੇ ਮਾਨਸਾ ਮੋਰਚੇ ਵਿੱਚ ਸ਼ਮੂਲੀਅਤ ਕਰਨੀ ਸੀ, ਪਰ ਪੁਲਿਸ ਨੇ ਇਸ ਤੋਂ ਪਹਿਲਾਂ ਹੀ ਜਥੇਬੰਦੀ ਦੇ ਕਈ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ। ਇਸੇ ਮੁੱਦੇ ਤੇ ਅੰਮ੍ਰਿਤਸਰ ਵਿਖੇ ਰਹਿੰਦੇ ਪਾਰਟੀ ਦੇ ਸੂਬਾ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਨੂੰ ਪੰਜਾਬ ਪੁਲੀਸ ਵੱਲੋਂ ਘਰ ਵਿੱਚ ਨਜ਼ਰਬੰਦ ਕੀਤਾ ਗਿਆ। ਇਸ ਦੌਰਾਨ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਜਥੇਬੰਦੀ ਦੇ ਕਈ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤੇ ਜਾਣ ਦੀ ਸੂਚਨਾ ਹੈ।

ਪਿਛਲੇ ਦਿਨੀਂ ਨਸ਼ੇ ਦੇ ਖਿਲਾਫ ਜੰਗ ਛੇੜਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਇੱਕ ਮੈਡੀਕਲ ਸਟੋਰ ਮਲਿਕ ਨੇ ਗੋਲੀਆਂ ਮਾਰਕੇ ਹੱਤਿਆ ਕਰ ਦਿੱਤੀ ਸੀ। ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਕਾਮਨਾ ਕਰਦਿਆਂ ਪੰਜਾਬ ਭਰ ਦੇ ਗੁਰੂ ਘਰਾਂ ਵਿੱਚ ਸਰਬੱਤ ਦੇ ਭਲੇ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਪੀਲ ’ਤੇ ਸੰਗਤ ਨੇ ਨਸ਼ਿਆਂ ਕਾਰਨ ਉੱਜੜ ਰਹੇ ਘਰਾਂ ਦੀ ਸੁੱਖ ਅਤੇ ਪੀੜਤ ਪਰਿਵਾਰਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ। ਝੋਟੇ ਦੀ ਹੱਤਿਆ ਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ।

====================

RELATED ARTICLES
POPULAR POSTS