ਪਾਰਟੀ ਪ੍ਰਧਾਨ ਵੱਲੋਂ ਹਲਕਾ ਇੰਚਾਰਜਾਂ ਨਾਲ ਮੀਟਿੰਗ
ਚੰਡੀਗੜ੍ਹ/ਪਰਵਾਸੀ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੱਠਜੋੜ ਬਾਰੇ ਕਿਹਾ ਕਿ ਅਕਾਲੀ ਦਲ ਉਸ ਸਿਆਸੀ ਪਾਰਟੀ ਨਾਲ ਗੱਠਜੋੜ ਵਾਸਤੇ ਤਿਆਰ ਹੈ, ਜੋ ਉਨ੍ਹਾਂ ਦੀ ਵਿਚਾਰਧਾਰਾ ਤੇ ਨੀਤੀਆਂ ਨਾਲ ਸਹਿਮਤ ਹੈ। ਉਨ੍ਹਾਂ ਨੇ ਪਹਿਲਾਂ ਹੀ ਸਪਸ਼ਟ ਕਰ ਦਿੱਤਾ ਹੈ ਕਿ ਅਕਾਲੀ ਦਲ ਕਦੇ ਵੀ ਕਾਂਗਰਸ ਜਾਂ ‘ਆਪ’ ਨਾਲ ਗੱਠਜੋੜ ਨਹੀਂ ਕਰੇਗਾ। ਜਦੋਂ ਵੀ ਗੱਠਜੋੜ ਦੀ ਕੋਈ ਤਜਵੀਜ਼ ਆਉਂਦੀ ਹੈ ਤਾਂ ਉਸ ‘ਤੇ ਵਿਚਾਰ ਕੀਤਾ ਜਾਵੇਗਾ।
ਉਨ੍ਹਾਂ ਨੇ ਰਾਹੁਲ ਗਾਂਧੀ ਦੌਰੇ ਬਾਰੇ ਕਿਹਾ ਕਿ ਇਸਦਾ ਪੰਜਾਬੀਆਂ ‘ਤੇ ਕਿਸੇ ਵੀ ਤਰੀਕੇ ਅਸਰ ਨਹੀਂ ਪਵੇਗਾ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਇੰਚਾਰਜਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਅਤੇ ਸਮਾਜਿਕ ਹਾਲਾਤ ਬਾਰੇ ਵਿਚਾਰ-ਚਰਚਾ ਕੀਤੀ। ਇਸਦੇ ਨਾਲ ਹੀ ਪਾਰਟੀ ਦੇ ਕੰਮਕਾਜ ਬਾਰੇ ਰਣਨੀਤੀ ਬਣਾਈ ਗਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲਾਂ ਕਦੇ ਵੀ ਅਜਿਹੇ ਹਾਲਾਤ ਵੇਖਣ ਨੂੰ ਨਹੀਂ ਮਿਲੇ ਜਿਵੇਂ ਦਲਜੀਤ ਸਿੰਘ ਦੇ ਕੇਸ ਵਿਚ ਮਿਲੇ ਹਨ।
ਇਸ ਲਈ ਅਕਾਲੀ ਦਲ ਦੇ ਵਫ਼ਦ ਵੱਲੋਂ ਮਨੁੱਖੀ ਅਧਿਕਾਰ ਕਮਿਸ਼ਨ ਨਾਲ ਮੁਲਾਕਾਤ ਕੀਤੀ ਜਾਵੇਗੀ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚੋਂ ਕੱਢੀ ਜਾਣ ਵਾਲੀ ਪੰਜਾਬ ਯਾਤਰਾ 10 ਨਵੰਬਰ ਦੀ ਥਾਂ 15 ਨਵੰਬਰ ਤੋਂ ਸ਼ੁਰੂ ਕੀਤੀ ਜਾਵੇਗੀ।

