
ਪੰਜਾਬ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ
ਚੰਡੀਗੜ੍ਹ/ਬਿਊਰੋ ਨਿਊਜ਼
ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਨੇ ਅੱਜ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਹੈ। ਸਮਾਣਾ ਤੋਂ ‘ਆਪ’ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਲੰਘੇ ਕੱਲ੍ਹ ਐਤਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਦੂਸਰੇ ਗੇੜ ’ਚ ਅੱਜ ਅੰਮਿ੍ਰਤਸਰ ਉੱਤਰੀ ਤੋਂ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਵੀ ਪਾਰਟੀ ਛੱਡਣ ਤੋਂ ਇਲਾਵਾ ਵਿਧਾਇਕੀ ਤੋਂ ਵੀ ਅਸਤੀਫਾ ਦੇ ਦਿੱਤਾ ਸੀ। ਅੱਜ ‘ਆਪ’ ਵਿਧਾਇਕਾਂ ਦੀ ਇਸ ਤਿੱਕੜੀ ਨੇ ਨਵੀਂ ਦਿੱਲੀ ਵਿਖੇ ਭਾਜਪਾ ਦਫਤਰ ’ਚ ਭਾਰਤੀ ਜਨਤਾ ਪਾਰਟੀ ’ਚ ਸ਼ਮੂਲੀਅਤ ਕਰ ਲਈ ਹੈ। ਭਾਜਪਾ ਦੇ ਪੰਜਾਬ ਇੰਚਾਰਜ ਸਤੀਸ਼ ਪੂਨੀਆ ਅਤੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਸ ਸ਼ਮੂਲੀਅਤ ਮੌਕੇ ਇਨ੍ਹਾਂ ਤਿੰਨੋਂ ਵਿਧਾਇਕਾਂ ਨੂੰ ਪਾਰਟੀ ’ਚ ਜੀ ਆਇਆ ਨੂੰ ਆਖਿਆ। ਜ਼ਿਕਰਯੋਗ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਇਲਜ਼ਾਮਾਂ ਤਹਿਤ ਪੰਜ ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਕੁੰਵਰ ਵਿਜੇ ਪ੍ਰਤਾਪ ਸਿੰਘ ਕਈ ਮੁੱਦਿਆਂ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਿੱਖੇ ਆਲੋਚਕ ਰਹੇ ਹਨ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀ ਦੇ ਆਗੂ ਦਲਬਦਲੀਆਂ ਕਰ ਰਹੇ ਹਨ।
ਆਮ ਆਦਮੀ ਪਾਰਟੀ ਵੱਲੋਂ ਦੋ ਵਿਧਾਇਕਾਂ ਖਿਲਾਫ ਪਟੀਸ਼ਨ ਦਾਇਰ
ਦਲ ਬਦਲੂ ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਭਾਜਪਾ ਵਿਚ ਸ਼ਮੂਲੀਅਤ ਕੀਤੇ ਜਾਣ ਮਗਰੋਂ ‘ਆਪ’ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੋਲ ਦੋ ਵਿਧਾਇਕਾਂ ਦੀ ਮੈਂਬਰੀ ਨੂੰ ਅਯੋਗ ਕਰਾਰ ਦੇਣ ਲਈ ਪਟੀਸ਼ਨ ਦਾਇਰ ਕੀਤੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮਿ੍ਰਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਹਰਮੀਤ ਸਿੰਘ ਪਠਾਣਮਾਜਰਾ ਨੇ ਵੀ ਭਾਜਪਾ ਵਿੱਚ ਸ਼ਾਮਲ ਹੋਣ ਦੇ ਕੁੱਝ ਸਮੇਂ ਮਗਰੋਂ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪੰਜਾਬ ਵਿਧਾਨ ਸਭਾ ’ਚ ਆਮ ਆਦਮੀ ਪਾਰਟੀ ਦੀ ਚੀਫ਼ ਵ੍ਹਿੱਪ ਬਲਜਿੰਦਰ ਕੌਰ ਨੇ ਵਿਧਾਨ ਸਭਾ ਦੇ ਸਪੀਕਰ ਕੋਲ ਪਟੀਸ਼ਨ ਦਾਇਰ ਕੀਤੀ ਹੈ। ਜਿਸ ’ਚ ਉਨ੍ਹਾਂ ਨੇ ਭਾਰਤੀ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਯੋਗ ਕਰਾਰ ਦਿੱਤੇ ਜਾਣ ਦੀ ਅਪੀਲ ਕੀਤੀ ਹੈ।

