
ਹਾਈਕੋਰਟ ਨੇ ਕੇ.ਏ.ਪੀ. ਸਿਨਹਾ ਨੂੰ ਅਦਾਲਤ ’ਚ ਪੇਸ਼ ਹੋਣ ਦੇ ਦਿੱਤੇ ਸਨ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼
ਸੁਪਰੀਮ ਕੋਰਟ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀਏ) ਅਤੇ ਮਹਿੰਗਾਈ ਰਾਹਤ ਦੀ ਅਦਾਇਗੀ ਨਾਲ ਸਬੰਧਤ ਮਾਮਲੇ ’ਤੇ ਸੁਣਵਾਈ ਹੋਈ ਹੈ। ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਹੋਰਾਂ ਵਿਰੁੱਧ ਸ਼ੁਰੂ ਕੀਤੀਆਂ ਅਦਾਲਤੀ ਤੌਹੀਨ ਦੀਆਂ ਅਪਰਾਧਿਕ ਕਾਰਵਾਈਆਂ ’ਤੇ ਰੋਕ ਲਗਾ ਦਿੱਤੀ ਹੈ। ਮਾਨਯੋਗ ਜਸਟਿਸ ਬੀ.ਵੀ. ਨਾਗਰਤਨਾ ਅਤੇ ਜਸਟਿਸ ਆਰ. ਮਹਾਦੇਵਨ ਦੇ ਬੈਂਚ ਨੇ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਜਾਰੀ ਕੀਤੇ। ਬੈਂਚ ਨੇ ਨੋਟ ਕੀਤਾ ਕਿ ਹਾਈਕੋਰਟ ਨੇ ਇਸ ਮਾਮਲੇ ਵਿੱਚ ਮੁੱਖ ਸਕੱਤਰ ਨੂੰ ਵਿਅਕਤੀਗਤ ਤੌਰ ’ਤੇ ਅਦਾਲਤ ਵਿੱਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਇੱਕ ਤਾਜ਼ਾ ਅਰਜ਼ੀ ’ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਸੀ। ਸਰਵਉੱਚ ਅਦਾਲਤ ਨੇ ਕਿਹਾ ਕਿ ਅਗਲੇ ਹੁਕਮਾਂ ਤੱਕ ਅੱਗੇ ਦੀਆਂ ਕਾਰਵਾਈਆਂ ’ਤੇ ਰੋਕ ਲਗਾਈ ਜਾਂਦੀ ਹੈ।

