
15 ਨਵੰਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗਾ ਸਮਾਗਮ
ਮਾਨਸਾ/ਬਿਊਰੋ ਨਿਊਜ਼
ਨਸ਼ਿਆਂ ਵਿਰੁੱਧ ਲੜਾਈ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਦਾ ਸਥਾਨ ਬਦਲ ਦਿੱਤਾ ਗਿਆ ਹੈ। ਹੁਣ ਇਹ ਸਮਾਗਮ 15 ਨਵੰਬਰ ਦਿਨ ਐਤਵਾਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਵੇਗਾ। ਪਹਿਲਾਂ ਇਹ ਸਮਾਗਮ ਪਿੰਡ ਕੋਟਧਰਮੂ ਜ਼ਿਲ੍ਹਾ ਮਾਨਸਾ ਵਿਖੇ ਹੋਣਾ ਸੀ। ਪੰਜਾਬ ਭਰ ਤੋਂ ਸੰਗਤਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਸਮਾਜਿਕ ਜਥੇਬੰਦੀਆਂ ਅਤੇ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਵਿਅਕਤੀਆਂ ਦੇ ਵੱਡੀ ਗਿਣਤੀ ਵਿਚ ਪੁੱਜਣ ਦੀ ਸੰਭਾਵਨਾ ਦੇ ਮੱਦੇਨਜ਼ਰ ਸਮਾਗਮ ਦਾ ਸਥਾਨ ਤਬਦੀਲ ਕੀਤਾ ਗਿਆ ਹੈ। ਐਕਸ਼ਨ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੀ ਸੋਚ ਨੂੰ ਜਿਊਂਦਾ ਰੱਖਣ ਅਤੇ ਉਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਲੜਾਈ ਨੂੰ ਅੱਗੇ ਵਧਾਉਣ ਲਈ ਰੂਪ ਰੇਖਾ ਦਾ ਐਲਾਨ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਨਾਮ ’ਤੇ ਬਣਾਈ ਗਈ ਨਸ਼ਿਆਂ ਵਿਰੁੱਧ ਟਾਸਕ ਫੋਰਸ ਨੇ ਨਸ਼ਿਆਂ ਖਿਲਾਫ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ ਆਉਣ ਵਾਲੇ ਸਮੇਂ ਵਿਚ ਨਵੇਂ ਪੋ੍ਰਗਰਾਮ ਉਲੀਕੇ ਜਾਣਗੇ। ਜ਼ਿਕਰਯੋਗ ਹੈ ਕਿ ਲੰਘੀ 13 ਅਕਤੂਬਰ ਨੂੰ ਮਾਨਸਾ ਵਿਚ ਇਕ ਮੈਡੀਕਲ ਸਟੋਰ ਦੇ ਮਾਲਕ ਨੇ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪਰਵਿੰਦਰ ਸਿੰਘ ਝੋਟਾ ਦਾ ਲੰਘੇ ਕੱਲ੍ਹ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ ਹੋਇਆ ਹੈ।

