
ਤਰਨਤਾਰਨ ਵਿਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਲੰਘੇ ਕੱਲ੍ਹ ਸੋਮਵਾਰ ਨੂੰ ਪਰਾਲੀ ਸਾੜਨ ਦੀਆਂ 198 ਨਵੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਨਾਲ ਸੂਬੇ ਵਿੱਚ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ ਪੰਜ ਹਜ਼ਾਰ ਦੇ ਨੇੜੇ ਪਹੁੰਚ ਗਈ ਹੈ। ਤਰਨਤਾਰਨ, ਫਿਰੋਜ਼ਪੁਰ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਦੀਆਂ ਹਦਾਇਤਾਂ ਦੇਣ ਦੇ ਬਾਵਜੂਦ ਕਈ ਕਿਸਾਨ ਇਨ੍ਹਾਂ ਦੀ ਪਾਲਣਾ ਨਹੀਂ ਕਰ ਰਹੇ। ਸਰਕਾਰੀ ਅੰਕੜਿਆਂ ਮੁਤਾਬਕ ਤਰਨਤਾਰਨ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ 659 ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ ਫਿਰੋਜ਼ਪੁਰ ਵਿੱਚ 621, ਸੰਗਰੂਰ ਵਿੱਚ 508, ਬਠਿੰਡਾ ਵਿੱਚ 412, ਪਟਿਆਲਾ ਵਿੱਚ 299 ਅਤੇ ਅੰਮਿ੍ਰਤਸਰ ਵਿੱਚ 247 ਘਟਨਾਵਾਂ ਸਾਹਮਣੇ ਆਈਆਂ ਹਨ। ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਦੇ ਬਦਲੇ ਹੁਣ ਤੱਕ ਕਰੀਬ 73 ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ। ਇਸ ਵਿੱਚੋਂ 33 ਲੱਖ 60 ਹਜ਼ਾਰ ਰੁਪਏ ਵਸੂਲੇ ਵੀ ਜਾ ਚੁੱਕੇ ਹਨ।

