
ਮੁੱਖ ਸਕੱਤਰਾਂ ਤੇ ਮੁੱਖ ਚੋਣ ਅਧਿਕਾਰੀਆਂ ਨੂੰ ਪੱਤਰ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਚੋਣ ਕਮਿਸ਼ਨ ਨੇ ਅੱਜ ਮੰਗਲਵਾਰ ਨੂੰ ਪੰਜਾਬ ਸਮੇਤ ਪੰਜ ਵਿਧਾਨ ਸਭਾ ਚੋਣਾਂ ਵਾਲੇ ਸੂਬਿਆਂ ਵਿਚ ਸੇਵਾਮੁਕਤ ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ’ਤੇ ਵੀ ਚੋਣ ਜ਼ਾਬਤੇ ਦੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ। ਇਨ੍ਹਾਂ ਸੂਬਿਆਂ ਵਿਚ ਪੰਜਾਬ, ਉਤਰ ਪ੍ਰਦੇਸ਼, ਉਤਰਾਖੰਡ, ਗੋਆ ਅਤੇ ਮਨੀਪੁਰ ਸ਼ਾਮਲ ਹਨ। ਇਹ ਪਾਬੰਦੀਆਂ ਉਨ੍ਹਾਂ ਸੇਵਾਮੁਕਤ ਅਧਿਕਾਰੀਆਂ ਅਤੇ ਮੁਲਾਜ਼ਮਾਂ ’ਤੇ ਲਾਗੂ ਹੋਣਗੀਆਂ, ਜਿਨ੍ਹਾਂ ਨੂੰ ਸੂਬਾ ਸਰਕਾਰਾਂ ਨੇ ਵੱਖ-ਵੱਖ ਅਹੁਦਿਆਂ ’ਤੇ ਤੈਨਾਤ ਕੀਤਾ ਹੋਇਆ ਹੈ। ਚੋਣ ਕਮਿਸ਼ਨ ਨੇ ਇਸ ਸਬੰਧੀ ਪੰਜ ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਨੂੰ ਪੱਤਰ ਭੇਜ ਕੇ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਕਮਿਸ਼ਨ ਨੇ ਕਿਹਾ ਹੈ ਕਿ ਸਰਕਾਰੀ ਮੁਲਾਜ਼ਮਾਂ ਤੋਂ ਪਹਿਲਾਂ ਹੀ ਉਮੀਦ ਕੀਤੀ ਜਾਂਦੀ ਹੈ ਕਿ ਉਹ ਕਿਸੇ ਵੀ ਚੋਣ ਪ੍ਰਚਾਰ ਜਾਂ ਸਿਆਸੀ ਮੁਹਿੰਮ ਵਿਚ ਹਿੱਸਾ ਨਾ ਲੈਣ। ਉਨ੍ਹਾਂ ਨੂੰ ਆਪਣੇ ਨਾਮ, ਅਹੁਦੇ ਜਾਂ ਅਧਿਕਾਰ ਦੀ ਵਰਤੋਂ ਕਿਸੇ ਇਕ ਸਿਆਸੀ ਪਾਰਟੀ ਜਾਂ ਉਮੀਦਵਾਰ ਦੇ ਹੱਕ ਵਿਚ ਨਹੀਂ ਕਰਨ ਦੇਣੀ ਚਾਹੀਦੀ।

