
ਜ਼ਮੀਨ ਘੁਟਾਲਾ ਮਾਮਲੇ ਵਿਚ 25 ਨਵੰਬਰ ਨੂੰ ਚੰਡੀਗੜ੍ਹ ਸਥਿਤ ਦਫਤਰ ਵਿੱਚ ਪੇਸ਼ ਹੋਣ ਦੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਜ਼ਮੀਨੀ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਵਿਧਾਇਕਾ ਨੂੰ ਆਉਂਦੀ 25 ਨਵੰਬਰ ਨੂੰ ਚੰਡੀਗੜ੍ਹ ਸਥਿਤ ਏਜੰਸੀ ਦੇ ਜ਼ੋਨਲ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਏਜੰਸੀ ਨੇ ਜਾਂਚ ਅਧੀਨ ਜਾਇਦਾਦਾਂ ਬਾਰੇ ਹੋਰ ਜਾਣਕਾਰੀ ਅਤੇ ਦਸਤਾਵੇਜ਼ ਮੰਗੇ ਹਨ। ਵਿਧਾਇਕਾ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੇਸ਼ੀ ਦੌਰਾਨ ਇਨ੍ਹਾਂ ਜਾਇਦਾਦਾਂ ਨਾਲ ਸਬੰਧਤ ਸਾਰੇ ਰਿਕਾਰਡ ਵੀ ਨਾਲ ਲੈ ਕੇ ਆਉਣ। ਈਡੀ ਨੇ ਪਹਿਲਾਂ ਇਲਜ਼ਾਮ ਲਾਇਆ ਸੀ ਕਿ ਕੌਮੀ ਸ਼ਾਹਰਾਹ ਲਈ ਐਕੁਆਇਰ ਜ਼ਮੀਨ ਦਾ ਕਰੀਬ ਇਕ ਕਰੋੜ ਰੁਪਏ ਦਾ ਸਰਕਾਰੀ ਮੁਆਵਜ਼ਾ ਮਾਲ ਰਿਕਾਰਡ ਵਿੱਚ ਹੇਰਾਫੇਰੀ ਕਰਕੇ ਹਾਸਲ ਕੀਤਾ ਗਿਆ। ਮੁਹਾਲੀ ਦੀ ਫੋਰੈਂਸਿਕ ਲੈਬ ਵਿੱਚ ਇੰਤਕਾਲ ’ਤੇ ਜਾਅਲੀ ਦਸਤਖ਼ਤਾਂ ਦੀ ਪੁਸ਼ਟੀ ਹੋਈ ਹੈ। ਈ.ਡੀ. ਦੀ ਜਾਂਚ ਵਿੱਚ ਕਥਿਤ ਤੌਰ ’ਤੇ ਕੇਂਦਰ, ਪੰਜਾਬ ਸਰਕਾਰ ਤੇ ਨਗਰ ਨਿਗਮ ਦੀਆਂ ਜਾਇਦਾਦਾਂ ਦੀ ਵੀ ਧੋਖਾਧੜੀ ਨਾਲ ਮਾਲਕੀ ਤਬਦੀਲ ਕਰਨ ਦੇ ਮਾਮਲੇ ਸਾਹਮਣੇ ਆਏ ਹਨ। ਉਧਰ ਦੂਜੇ ਪਾਸੇ ਵਿਧਾਇਕਾ ਦਾਅਵਾ ਕਰ ਚੁੱਕੀ ਹੈ ਕਿ ਈ.ਡੀ. ਨੂੰ ਕੁਝ ਨਹੀਂ ਮਿਲਿਆ ਅਤੇ ਭਾਜਪਾ ’ਚ ਸ਼ਾਮਲ ਹੋਣ ਲਈ ਦਬਾਅ ਬਣਾਇਆ ਜਾ ਰਿਹਾ ਹੈ।

